ਚੰਡੀਗੜ੍ਹ, 6 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦੇ ਵਧਾਏ ਗਏ ਅਧਿਕਾਰ ਖੇਤਰ ਦੇ ਹੁਕਮਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਚੰਨੀ ਸਰਕਾਰ ਨੂੰ ਪ੍ਰਸ਼ਾਸਨਿਕ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਖੇਤੀ ਕਾਨੂੰਨਾਂ ਨੂੰ ਵੀ ਪੰਜਾਬ ਵਿੱਚ ਲਾਗੂ ਨਾ ਕਰਨ ਬਾਰੇ ਪ੍ਰਸ਼ਾਸਨਿਕ ਹੁਕਮ ਜਾਰੀ ਕਰਨ ਉੱਤੇ ਜ਼ੋਰ ਦਿੱਤਾ ਹੈ। ਇਨ੍ਹਾਂ ਮੰਗਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਇਨ੍ਹਾਂ ਮੁੱਦਿਆਂ ਬਾਰੇ ਵਿਧਾਨ ਸਭਾ ਵਿੱਚ ਮਤੇ ਪੇਸ਼ ਕਰ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਸੂਬੇ ਵਿੱਚ ਨਾ ਲਾਗੂ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਖੇਤੀ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਤ ਵਿਸ਼ੇ ਹਨ। -ਪੀਟੀਆਈ
‘