ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਖਿਆ ਕਿ ਐਸਸੀ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਨਾ ਕਰਨ ਬਾਰੇ ਕੀਤੀਆਂ ਹਦਾਇਤਾਂ ਵਾਪਸ ਲਈਆਂ ਜਾਣ। ਇਨ੍ਹਾਂ ਵਿਦਿਆਰਥੀਆਂ ਦੀ ਫੀਸ ਪੰਜਾਬ ਸਰਕਾਰ ਨੇ ਐਸ ਸੀ ਸਕਾਲਰਸ਼ਿਪ ਸਕੀਮ ਤਹਿਤ ਕਾਲਜਾਂ ਨੂੰ ਨਹੀਂ ਦਿੱਤੀ ਹੈ। ਅੱਜ ਪਾਰਟੀ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਵਫਦ ਨੇ ਗੁਰੂ ਨਾਨਕ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਮੁਲਾਕਾਤ ਕੀਤੀ। ਵਫਦ ਵਿਚ ਵਿਧਾਇਕ ਪਵਨ ਟੀਨੂੰ, ਬਲਦੇਵ ਖਹਿਰਾ ਤੇ ਡਾ. ਸੁਖਵਿੰਦਰ ਕੁਮਾਰ ਅਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਵੀ ਸ਼ਾਮਲ ਸਨ। ਵਫਦ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਸਸੀ ਸਕਾਲਰਸ਼ਿਪ ਘੁਟਾਲੇ ਕਾਰਨ ਦਲਿਤ ਵਿਦਿਆਰਥੀ ਪੀੜਤ ਨਾ ਹੋਣ। ਸ੍ਰੀ ਟੀਨੂੰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਕਾਰਨ ਪੰਜ ਹਜ਼ਾਰ ਐਸਸੀ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਉਨ੍ਹਾਂ ਐਸਸੀ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਗਈਆਂ, ਜਿਨ੍ਹਾਂ ਦੀ ਸਰਕਾਰ ਨੇ 2016-17, 2017-18 ਅਤੇ 2018-19 ਦੇ ਬੈਚ ਵਾਸਤੇ ਫੀਸਾਂ ਦੀ ਅਦਾਇਗੀ ਅਗਾਂਹ ਕਾਲਜਾਂ ਨੂੰ ਨਹੀਂ ਕੀਤੀ। ਵਫਦ ਨੇ ਦੱਸਿਆ ਕਿ ਸਰਕਾਰ ਕੋਲ ਪਿਛਲੇ 10 ਮਹੀਨਿਆਂ ਤੋਂ 309 ਕਰੋੜ ਰੁਪਏ ਅਣਵਰਤੇ ਪਏ ਹਨ ਅਤੇ ਯੂਨੀਵਰਸਿਟੀ ਆਪ ਰਾਜ ਸਰਕਾਰ ਕੋਲ ਫੀਸਾਂ ਦੀ ਅਦਾਇਗੀ ਦਾ ਮਸਲਾ ਚੁੱਕੇ।
ਉਨ੍ਹਾਂ ਨੇ ਯੂਨੀਵਰਸਿਟੀ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ ਐਸਸੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਕੋਰਸ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਲਈ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਡਿਗਰੀਆਂ ਜਾਰੀ ਕਰਨੀਆਂ ਚਾਹੀਦੀਆਂ ਹਨ।