ਹੜ੍ਹਾਂ ’ਚ ਰੁੜ੍ਹੀ ਜ਼ਮੀਨ ਬਦਲੇ ਜ਼ਮੀਨ ਦੇਣ ਦੀ ਮੰਗ
ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਅਗਸਤ-ਸਤੰਬਰ ਮਹੀਨੇ ਆਏ ਹੜ੍ਹਾਂ ਕਰਕੇ 2500 ਦੇ ਕਰੀਬ ਪਿੰਡਾਂ ਵਿੱਚ ਚਾਰ ਲੱਖ ਏਕੜ ਤੋਂ ਵੱਧ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਵੱਡੀ ਗਿਣਤੀ ਲੋਕ ਬੇਘਰ ਹੋਏ ਹਨ। ਦਰਿਆਵਾਂ ਕੰਢੇ...
ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਅਗਸਤ-ਸਤੰਬਰ ਮਹੀਨੇ ਆਏ ਹੜ੍ਹਾਂ ਕਰਕੇ 2500 ਦੇ ਕਰੀਬ ਪਿੰਡਾਂ ਵਿੱਚ ਚਾਰ ਲੱਖ ਏਕੜ ਤੋਂ ਵੱਧ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਵੱਡੀ ਗਿਣਤੀ ਲੋਕ ਬੇਘਰ ਹੋਏ ਹਨ। ਦਰਿਆਵਾਂ ਕੰਢੇ ਖੇਤੀ ਕਰਨ ਵਾਲੇ ਸੈਂਕੜੇ ਕਿਸਾਨਾਂ ਦੀ ਜ਼ਮੀਨ ਦਰਿਆਵਾਂ ਵਿੱਚ ਰੁੜ੍ਹ ਚੁੱਕੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਹੜ੍ਹਾਂ ਕਰਕੇ ਦਰਿਆਵਾਂ ਵਿੱਚ ਡੁੱਬੀ ਜ਼ਮੀਨ ਬਦਲੇ ਕਿਸਾਨਾਂ ਨੂੰ ਫੌਰੀ ਤੌਰ ’ਤੇ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ। ਸ੍ਰੀ ਬਰਾੜ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿੱਖਿਆ ਦਾ ਮੁੱਦਾ ਚੁੱਕਦਿਆ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਰਕੇ 7,000 ਤੋਂ ਵੱਧ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਮਿਸਲ ਸਤਲੁਜ ਨੇ ਕਈ ਇਲਾਕਿਆਂ ਵਿੱਚ 10ਵੀਂ ਤੇ 12ਵੀਂ ਦੇ ਬੱਚਿਆਂ ਦੀ ਦਾਖ਼ਲਾ ਫ਼ੀਸ ਭਰੀ ਹੈ। ਉਨ੍ਹਾਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬੱਚਿਆਂ ਦੀ ਸਕੂਲ ਫ਼ੀਸ ਮੁਆਫ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਪਿੰਡਾਂ ਨੂੰ ਗੋਦ ਲੈ ਕੇ ਮਦਦ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਕਾਫ਼ੀ ਨਹੀਂ। ਇਸ ਲਈ ਪ੍ਰਸ਼ਾਸਨ ਨੂੰ ਵੀ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦੇ ਬਾਵਜੂਦ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਸਮੇਤ ਹਰ ਵਰਗ ਦੇ ਪੀੜਤ ਲੋਕਾਂ ਦੀ ਬਾਂਹ ਫੜਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ ਕੀਤੀ।

