ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਪਰੈਲ
ਕੈਨੇਡਾ ਵਸਦੇ ਪੰਜਾਬੀ ਭਾਈਚਾਰੇ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਲਈ ਅੰਮ੍ਰਿਤਸਰ ਤੋਂ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਕਨਵੀਨਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਅਤੇ ਕੈਨੇਡਾ ਤੋਂ ਅਨੰਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਨੇਡਾ ਅਤੇ ਪੰਜਾਬ ਦੇ ਲੱਖਾਂ ਪੰਜਾਬੀ ਇਨ੍ਹਾਂ ਸਿੱਧੀਆਂ ਉਡਾਣਾਂ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮੁੱਖ ਕੇਂਦਰ ਅੰਮ੍ਰਿਤਸਰ ਹੋਵੇਗਾ। ਇਸ ਮੌਕੇ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਲਈ ਅੰਮ੍ਰਿਤਸਰ ਆਉਣ ਦੇ ਚਾਹਵਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਦਿੱਲੀ ਦੀ ਬਜਾਏ ਅੰਮ੍ਰਿਤਸਰ ਨੂੰ ਤਰਜੀਹ ਦਿੰਦੇ ਹਨ ਤੇ ਉਹ ਸਿੱਧੀਆਂ ਅੰਮ੍ਰਿਤਸਰ ਤੋਂ ਉਡਾਣਾਂ ਲਈ ਵੱਧ ਕਿਰਾਇਆ ਦੇਣ ਲਈ ਤਿਆਰ ਹਨ। ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਬਰਾੜ ਅਤੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਨੇ ਵੀ ਇੱਕ ਪੱਤਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅਪੀਲ ਭੇਜ ਕੇ ਕੀਤੀ ਹੈ ਕਿ 400 ਸਾਲਾ ਸ਼ਤਾਬਦੀ ਦੌਰਾਨ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ ਜਿਸ ਨਾਲ ਲੱਖਾਂ ਯਾਤਰੀਆਂ ਨੂੰ ਲਾਭ ਹੋਵੇਗਾ।