ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਕਿਸਾਨ ਵਿੰਗ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਚੰਡੀਗੜ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭੱਲਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਨਰਮੇ ਅਤੇ ਕਪਾਹ ਦੀ ਖੇਤੀ ਨੂੰ ਪ੍ਰਫੁੱਲਿਤ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਝੋਨੇ ਦੀ ਫ਼ਸਲ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਸ ਕਰਕੇ ਨਰਮਾ ਅਤੇ ਕਪਾਹ ਝੋਨੇ ਦਾ ਵਧੀਆ ਬਦਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮਿਆਰੀ ਬੀਜ ਤੇ ਕੀਟਨਾਸ਼ਕ ਨਾ ਮਿਲਣ ਕਰਕੇ ਹਰ ਵਾਰ ਨਰਮਾ ਉਤਪਾਦਕਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ ਜਿਸ ਕਾਰਨ ਕਰਜ਼ੇ ਵਿੱਚ ਡੁੱਬੇ ਮਾਲਵਾ ਖੇਤਰ ਦੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਰਮੇ ਦੀ ਚੁਗਾਈ 10 ਰੁਪਏ ਪ੍ਰਤੀ ਕਿਲੋ ਹੋਣ ਕਰਕੇ ਸੂਬੇ ਦੇ ਕਿਰਤੀਆਂ ਨੂੰ ਚੰਗਾ ਰੁਜ਼ਗਾਰ ਮਿਲਣ ਦੀਆਂ ਭਰਪੂਰ ਸੰਭਾਵਨਾਵਾਂ ਬਣ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਇਸ ਖੇਤਰ ਵਿੱਚ ਵਿਸ਼ੇਸ਼ ਯਤਨ ਕਰਨ ਦਾ ਭਰੋਸਾ ਦਿਵਾਇਆ।