ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਮਹਿੰਦਰ ਭਗਤ ਤੇ ਵਿਨੋਦ ਸ਼ਰਮਾ ਨੇ ਕਮਿਸ਼ਨਰੇਟ ਤੇ ਦਿਹਾਤੀ ਪੁਲੀਸ ਨੂੰ ਦਿੱਤੀਆਂ ਸ਼ਿਕਾਇਤਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਭਾਜਪਾ ਲੀਡਰਸ਼ਿਪ ਨੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਕਾਂਗਰਸੀ ਆਗੂ ਬਿੱਟੂ ਨੇ ਇਹ ਜਨਤਕ ਤੌਰ ’ਤੇ ਸਵੀਕਾਰ ਕੀਤਾ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਜਿਹੜਾ ਹਮਲਾ ਹੋਇਆ ਸੀ ਉਹ ਉਸ (ਬਿੱਟੂ) ਨੇ ਹੀ ਕਰਵਾਇਆ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਦਾਅਵਾ ਕੀਤਾ ਕਿ ਰਵਨੀਤ ਬਿੱਟੂ ਭਾਜਪਾ ਹਾਈਕਮਾਂਡ ਦੇ ਇਸ਼ਾਰੇ ’ਤੇ ਇਹ ਬਿਆਨ ਦਿੱਤਾ ਹੈ।