ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਵਧਦੀ ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਜਾਣ ਬੁਝ ਕੇ ਮਹਿੰਗਾਈ ਵਧਾ ਰਹੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਦੇਸ਼ ਦੇ ਵੱਡੀ ਗਿਣਤੀ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਆਪਣੇ ਪੂੰਜੀਵਾਦੀ ਮਿੱਤਰਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਆਮ ਆਦਮੀ ਪਾਰਟੀ (ਆਪ) ਵਲੋਂ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਵਾਜਾਈ ਅਤੇ ਹੋਰ ਖਰਚੇ ਵੱਧ ਜਾਂਦੇ ਹਨ, ਜਿਸ ਦਾ ਮਹਿੰਗਾਈ ’ਤੇ ਸਿੱਧਾ ਅਸਰ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆ ਕੇ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਵੇ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਰਕੇ ਆਮ ਵਿਅਕਤੀ ਨੂੰ ਰਸੋਈ ਗੈਸ ਸਿਲੰਡਰ ਭਰਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰ ਦੀ ਕੀਮਤ 8 ਸਾਲ ਪਹਿਲਾਂ 350 ਰੁਪਏ ਸੀ ਜੋ ਅੱਜ 1150 ਰੁਪਏ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਧਦੀ ਮਹਿੰਗਾਈ ਨੂੰ ਘਟਾਉਣ ਵੱਲ ਧਿਆਨ ਦੇਵੇ।