ਪੰਜਾਬ ਵਿੱਚ ‘ਆਬਾਦੀ ਕੰਟਰੋਲ’ ਬਾਰੇ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਮੰਗ
ਆਤਿਸ਼ ਗੁਪਤਾ
ਚੰਡੀਗੜ੍ਹ, 2 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਸੂਬੇ ਵਿੱਚ ਲਗਾਤਾਰ ਵੱਧ ਰਹੀ ਆਬਾਦੀ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਜ ਦੌਰਾਨ ‘ਜਨਸੰਖਿਆ ਕੰਟਰੋਲ’ ਬਾਰੇ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਉਹ ਇੱਥੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਨ ਪੁੱਜ ਪਰ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਇਸ ਦੌਰਾਨ ਸ੍ਰੀ ਜੂਨੀਅਰ ਨੇ ਵਿਧਾਨ ਸਭਾ ਸਪੀਕਰ ਦੇ ਨਾਮ ਪੱਤਰ ਅਧਿਕਾਰੀਆਂ ਨੂੰ ਸੌਂਪਿਆ। ਸ੍ਰੀ ਜੂਨੀਅਰ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੀ ਆਬਾਦੀ ਕਰਕੇ ਇੱਥੋਂ ਦੇ ਵਾਤਾਵਰਨ ਅਤੇ ਹੋਰਨਾਂ ਸਰੋਤਾਂ ’ਤੇ ਵਧੇਰੇ ਅਸਰ ਪੈ ਰਿਹਾ ਹੈ। ਇਸ ਲਈ ਪੰਜਾਬ ਵਿੱਚ ਹਰ ਕਿਸੇ ਨੂੰ ਦੋ ਬੱਚੇ ਹੀ ਪੈਦਾ ਕਰਨ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਤੋਂ ਸਾਲ ਬਾਅਦ ਜੇ ਕੋਈ ਵਿਅਕਤੀ ਤੀਜਾ ਬੱਚਾ ਪੈਦਾ ਕਰਦਾ ਹੈ ਤਾਂ ਉਸ ਨੂੰ ਵੋਟ ਪਾਉਣ ਦਾ ਅਧਿਕਾਰ ਨਾ ਦਿੱਤਾ ਜਾਵੇ। ਉਸ ਨੂੰ ਸਰਕਾਰੀ ਨੌਕਰੀ ਅਤੇ ਹੋਰਨਾਂ ਸਰਕਾਰੀ ਸਹੂਲਤਾਂ ਨਾ ਦਿੱਤੀਆਂ ਜਾਣ। ਇਸ ਤੋਂ ਇਲਾਵਾ ਤੀਜੇ ਬੱਚੇ ਨੂੰ ਚੋਣਾਂ ਲੜਨ ਨਾ ਦਿੱਤੀਆਂ ਜਾਣ ਅਤੇ ਤੀਜਾ ਬੱਚਾ ਜੰਮਣ ਵਾਲੇ ਨੂੰ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾਂ ਤੋਂ ਹੇਠਾਂ ਵਾਲੇ ਲੋਕਾਂ ਨੂੰ ਇਕ ਜਾਂ ਦੋ ਬੱਚੇ ਜੰਮਣ ’ਤੇ ਬਣਦੀ ਵਿੱਤੀ ਮਦਦ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਬਾਦੀ ਲਗਾਤਾਰ ਵੱਧ ਰਹੀ ਹੈ, ਉਸ ’ਤੇ ਨੱਥ ਪਾਉਣੀ ਵਧੇਰੇ ਜ਼ਰੂਰੀ ਹੈ।