ਪੱਤਰ ਪ੍ਰੇਰਕ
ਚੰਡੀਗੜ੍ਹ, 19 ਸਤੰਬਰ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੈਕਚਰਾਰਾਂ ਦੀਆਂ ਵੱਖ-ਵੱਖ ਆਸਾਮੀਆਂ ਦੀ ਭਰਤੀ ਦੌਰਾਨ ਇਤਿਹਾਸ, ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਵਿਸ਼ਿਆਂ ਲਈ ਬੀਐੱਡ ਵਿੱਚ ਟੀਚਿੰਗ ਆਫ਼ ਸੋਸ਼ਲ ਸਟੱਡੀਜ਼ ਨੂੰ ਯੋਗ ਨਾ ਮੰਨਣ ਕਾਰਨ ਹਜ਼ਾਰਾਂ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਹੈ। ਹਾਲਾਂਕਿ ਪਿਛਲੇ ਸਮੇਂ ਦੌਰਾਨ ਹੋਈਆਂ ਭਰਤੀਆਂ ਵਿੱਚ ਟੀਚਿੰਗ ਆਫ ਸੋਸ਼ਲ ਸਟੱਡੀਜ਼ ਨੂੰ ਲੈਕਚਰਾਰ ਭਰਤੀ ਲਈ ਯੋਗ ਮੰਨਿਆ ਜਾਂਦਾ ਰਿਹਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੰਗ ਕੀਤੀ ਕਿ ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਾਹਤ ਦਿਵਾਈ ਜਾਵੇ।