ਜਥੇਦਾਰਾਂ ਲਈ ਸੇਵਾ ਨਿਯਮ ਬਣਾਉਣ ਬਾਰੇ ਕਮੇਟੀ ਦਾ ਵਿਸਥਾਰ ਕਰਨ ਦੀ ਮੰਗ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜੂਨ
ਅਕਾਲ ਤਖ਼ਤ ਅਤੇ ਹੋਰ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਸੇਵਾ ਨਿਯਮ ਬਣਾਉਣ ਵਾਸਤੇ ਬਣਾਈ 34 ਮੈਂਬਰੀ ਕਮੇਟੀ ’ਚ ਸ਼ਾਮਲ ਨਾ ਕੀਤੇ ਜਾਣ ’ਤੇ ਕਈ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਹੈ। ਇਸ ਸਬੰਧੀ ਸਿੱਖ ਚਿੰਤਕ ਅਤੇ ਭਾਜਪਾ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਜਥੇਦਾਰਾਂ ਸਬੰਧੀ ਸੇਵਾ ਨਿਯਮ ਬਣਾਉਣ ਵਾਸਤੇ ਬਣਾਈ ਗਈ 34 ਮੈਂਬਰੀ ਕਮੇਟੀ ਦਾ ਵਿਸਥਾਰ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਤਖ਼ਤ ਪਟਨਾ ਸਾਹਿਬ, ਤਖ਼ਤ ਹਜ਼ੂਰ ਸਾਹਿਬ, ਦਿੱਲੀ ਕਮੇਟੀ, ਹਰਿਆਣਾ ਕਮੇਟੀ ਅਤੇ ਫੈੱਡਰੇਸ਼ਨ ਦੇ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ।
ਇਸੇ ਤਰ੍ਹਾਂ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਮਨਜੀਤ ਸਿੰਘ ਨੇ ਵੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜਥੇਦਾਰਾਂ ਸਬੰਧੀ ਸੇਵਾ ਨਿਯਮ ਬਣਾਉਣ ਲਈ ਬਣਾਈ ਗਈ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਿਨ੍ਹਾਂ ਸੰਸਥਾਵਾਂ ਨੂੰ ਵਿਸਾਰ ਦਿੱਤਾ ਗਿਆ ਹੈ, ਕੀ ਇਨ੍ਹਾਂ ਸੰਸਥਾਵਾਂ ਨੂੰ ਅਕਾਲ ਤਖ਼ਤ ਤੋਂ ਦੂਰ ਤਾਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਇਸ ਕਮੇਟੀ ਵਿੱਚ ਹੋਰ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਅਤੇ ਹੋਰ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਸੇਵਾ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਵਿਦਵਾਨਾਂ ਦੀ 34 ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ।
ਕਮੇਟੀ ਸੌਂਪੇਗੀ ਆਪਣੀ ਰਿਪੋਰਟ: ਧਾਮੀ
ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਕੋਲੋਂ ਸੁਝਾਅ ਮੰਗੇ ਗਏ ਸਨ। ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਕੋਲ ਵੱਡੀ ਗਿਣਤੀ ਵਿੱਚ ਸੁਝਾਅ ਪੁੱਜੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਭੇਜੇ ਸਨ। ਸ਼੍ਰੋਮਣੀ ਕਮੇਟੀ ਤਰਫੋਂ ਹੁਣ ਇਸ ਬਾਰੇ 34 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਆਪਣੀ ਰਾਇ ਰਿਪੋਰਟ ਦੇ ਰੂਪ ਵਿੱਚ ਦੇਵੇਗੀ।