ਸਕੂਲਾਂ ’ਚ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ
ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਸੂਬਾ ਪ੍ਰੈੱਸ ਸਕੱਤਰ ਕਰਨੈਲ ਸਿੰਘ ਫਿਲੌਰ ਨੇ ਪੰਜਾਬ ਸਰਕਾਰ ਤੋਂ ਸਕੂਲ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਿੰਸੀਪਲਾਂ ਦੀਆਂ 50 ਫ਼ੀਸਦ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 46 ਫ਼ੀਸਦ ਅਤੇ ਮੁੱਖ ਅਧਿਆਪਕਾਂ ਦੀਆਂ 33 ਫ਼ੀਸਦ ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ 10 ਵਿੱਚੋਂ 9 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਕਈ ਸਾਲਾਂ ਤੋਂ ਖਾਲੀ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟਣ ਦਾ ਮੁੱਖ ਕਾਰਨ ਵੀ ਸਕੂਲਾਂ ਵਿੱਚ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਬਲਾਕਾਂ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦਾ ਨਾ ਹੋਣਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਿੰਸੀਪਲ, ਮੁੱਖ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਪ੍ਰਮੋਸ਼ਨ ਕੋਟੇ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ।