ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਿਹਤ ਤੇ ਸਿੱਖਿਆ ਵਿਭਾਗ ਵਿਚ ਤਰਜੀਹ ਦੇ ਆਧਾਰ ’ਤੇ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਦਾ ਐਲਾਨ ਕਰਨ ਅਤੇ ਨਾਲ ਹੀ ਹੋਰ ਵਿਭਾਗਾਂ ਵਿਚ ਵੀ ਖਾਲੀ ਅਸਾਮੀਆਂ ਭਰੀਆਂ ਜਾਣ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮਿਲ ਸਕਣ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵੱਡੀ ਗਿਣਤੀ ਸੀਨੀਅਰ ਡਾਕਟਰ ਨੌਕਰੀ ਛੱਡ ਚੁੱਕੇ ਹਨ ਤੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਵੱਡੀ ਗਿਣਤੀ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਸਿਹਤ ਤੇ ਸਿੱਖਿਆ ਖੇਤਰ ਪ੍ਰਭਾਵਿਤ ਹੋ ਰਹੇ ਹਨ। -ਟਨਸ