ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਪੰਜਾਬ ਵਿਧਾਨ ਸਭਾ ਦੇ ਭਲਕੇ 27 ਸਤੰਬਰ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਮੁੱਦਾ ਬਣਾਉਣ ਅਤੇ ਇਸ ਸਬੰਧੀ ਹੁਣ ਤੱਕ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਪੰਥਕ ਤਾਲਮੇਲ ਸੰਗਠਨ ਅਤੇ ਪੰਥਕ ਅਸੈਂਬਲੀ ਦੇ ਨੁਮਾਇੰਦਿਆਂ ਨੇ ਇਕ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਹੋਰ ਸਿੱਖ ਨੁਮਾਇੰਦਿਆਂ ਨੇ ਸਪੀਕਰ ਸੰਧਵਾਂ ਨਾਲ ਮੁਲਾਕਾਤ ਕੀਤੀ ਹੈ। ਸਿੱਖ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਭਲਕੇ 27 ਸਤੰਬਰ ਨੂੰ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਮੁੱਦਾ ਬਣਾਇਆ ਜਾਵੇ ਤੇ ਇਸ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਜਾਵੇ ਅਤੇ ਸਰਕਾਰ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰੇ। ਇਸੇ ਸਬੰਧੀ ਸਿੱਖ ਆਗੂਆਂ ਵੱਲੋਂ ਇਕ ਪੱਤਰ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਨੂੰ ਵੀ ਭੇਜਿਆ ਗਿਆ ਹੈ।