ਝੂਠੇ ਪੁਲੀਸ ਮੁਕਾਬਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਜਾਇਜ਼ ਨਹੀਂ: ਗੜਗੱਜ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਖਿਆ ਹੈ ਕਿ ਸੀਬੀਆਈ ਅਦਾਲਤ ਵੱਲੋਂ ਝੂਠੇ ਪੁਲੀਸ ਮੁਕਾਬਲੇ ਮਾਮਲਿਆਂ ’ਚ ਦੋਸ਼ੀ ਕਰਾਰ ਦਿੱਤੇ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਪੂਰੀ ਕਰਨ ਤੋਂ ਪਹਿਲਾਂ ਹੀ ਸਰਕਾਰ ਛੱਡਣ ਦੇ ਬਹਾਨੇ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਅਜਿਹਾ ਕਰਨਾ ਹੈ ਤਾਂ ਅਦਾਲਤ ਵੱਲੋਂ ਦਿੱਤੀ ਸਜ਼ਾ ਦਾ ਕੀ ਮਤਲਬ ਰਹਿ ਜਾਂਦਾ ਹੈ। ਉਨ੍ਹਾਂ ਇਸ ਸਬੰਧੀ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਪੁਲੀਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਸੀਬੀਆਈ ਅਦਾਲਤ ਵੱਲੋਂ ਲਗਪਗ ਤਿੰਨ ਦਹਾਕਿਆਂ ਬਾਅਦ ਦੋਸ਼ੀ ਕਰਾਰ ਦਿੱਤੇ ਪੁਲੀਸ ਮੁਲਾਜ਼ਮਾਂ ਦੇ ਹੱਕ ਵਿੱਚ ਆਉਣਾ ਅਤੇ ਪੰਜਾਬ ਦੇ ਰਾਜਪਾਲ ਕੋਲੋਂ ਉਨ੍ਹਾਂ ਦੀ ਰਿਹਾਈ ਤੇ ਹੋਰ ਸਹੂਲਤਾਂ ਬਹਾਲ ਕਰਨ ਦੀ ਮੰਗ ਕਰਨਾ ਗ਼ੈਰ-ਇਖਲਾਕੀ ਤੇ ਗ਼ੈਰ-ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੰਬੀ ਕਾਨੂੰਨੀ ਲੜਾਈ ਲੜਨੀ ਪਈ ਹੈ। ਅਜਿਹੇ ਪੁਲੀਸ ਅਧਿਕਾਰੀਆਂ ਨੇ 1990-94 ਵਿੱਚ ਵੱਡੀ ਗਿਣਤੀ ਸਿੱਖ ਨੌਜਵਾਨਾਂ ਨੂੰ ਚੁੱਕ ਕੇ ਕਥਿਤ ਝੂਠੇ ਮੁਕਾਬਲਿਆਂ ਵਿੱਚ ਕਤਲ ਕੀਤਾ ਸੀ, ਜਿਸ ਲਈ ਇਨ੍ਹਾਂ ਨੂੰ ਸਜ਼ਾ ਮਿਲਣੀ ਜ਼ਰੂਰੀ ਸੀ। ਇਨ੍ਹਾਂ ਨੂੰ ਰਿਹਾਅ ਕਰਨਾ ਪੀੜਤ ਪਰਿਵਾਰਾਂ ਨਾਲ ਇੱਕ ਹੋਰ ਬੇਇਨਸਾਫ਼ੀ ਹੋਵੇਗੀ। ਜਥੇਦਾਰ ਨੇ ਰਾਜਪਾਲ ਨੂੰ ਆਖਿਆ ਕਿ ਇਹ ਮਾਮਲਾ ਪੰਜਾਬ ਅੰਦਰ ਲੰਬਾ ਸਮਾਂ ਚੱਲੇ ਮਨੁੱਖੀ ਅਧਿਕਾਰਾਂ ਦੇ ਵੱਡੇ ਘਾਣ ਨਾਲ ਜੁੜਿਆ ਹੈ। ਇਸ ਲਈ ਕੋਈ ਵੀ ਫ਼ੈਸਲਾ ਪੰਜਾਬੀਆਂ ਖ਼ਾਸਕਰ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।