‘ਵੀਰ ਬਾਲ ਦਿਵਸ’ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਸਦ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿਖ ਕੇ ਕੇਂਦਰ ਸਰਕਾਰ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕੌਮੀ ਪੱਧਰ ’ਤੇ ਮਨਾਏ ਜਾਂਦੇ ‘ਵੀਰ ਬਾਲ ਦਿਵਸ’ ਦਾ ਨਾਮ ਤੁਰੰਤ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ ਕੀਤੀ ਹੈ।
ਇਹ ਮੰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰੀ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਿਖੇ ਪੱਤਰ ਦੇ ਆਧਾਰ ’ਤੇ ਕੀਤੀ ਹੈ। ਕਾਰਜਕਾਰੀ ਜਥੇਦਾਰ ਨੇ 4 ਦਸੰਬਰ ਨੂੰ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਸਬੰਧੀ ਪੱਤਰ ਲਿਖਿਆ ਸੀ।
ਸ੍ਰੀ ਕੰਗ ਨੇ ਕੇਂਦਰ ਸਰਕਾਰ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਾਲ 2022 ਤੋਂ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਇਹ ਦਿਵਸ ਮਨਾਉਣ ਦੇ ਚੰਗੇ ਇਰਾਦਿਆਂ ਦੇ ਬਾਵਜੂਦ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਚਾਰੇ ਸਾਹਿਬਜ਼ਾਦੇ ਸਿੱਖ ਕੌਮ ਲਈ ਸਤਿਕਾਰਯੋਗ ਹਨ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਛੋਟਾ ਕਰਕੇ ਨਹੀਂ ਦਿਖਾਇਆ ਜਾ ਸਕਦਾ।
