ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਨਜ਼ਦੀਕ ਪਿੰਡ ਗਾਗਨ ਮਨੋਹਰਪੁਰ ਵਿੱਚ ਪ੍ਰਸ਼ਾਸਨ ਵੱਲੋਂ ਲੰਗਰ ਹਾਲ ਅਤੇ ਕੁਝ ਸਿੱਖਾਂ ਦੇ ਘਰ ਢਾਹੁਣ ਦੇ ਮਾਮਲੇ ਵਿੱਚ ਇਨਸਾਫ਼ ਕਰਨ ਲਈ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਪੱਤਰ ਭੇਜਿਆ ਹੈ। ਸ੍ਰੀ ਧਾਮੀ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਗਾਗਨ ਮਨੋਹਰਪੁਰ ਵਿੱਚ 1973 ਤੋਂ ਵਸੇ ਹੋਏ ਸਿੱਖਾਂ ਨੂੰ ਜਾਣਬੁੱਝ ਕੇ ਉਜਾੜਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਇਹ ਧੱਕੇਸ਼ਾਹੀ ਵਾਲੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।