ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਜੂਨ
ਜਮਹੂਰੀ ਕਿਸਾਨ ਸਭਾ ਪੰਜਾਬ ਨੇ ਅਬਾਦਕਾਰ ਕਿਸਾਨਾਂ ਨੂੰ ਬਿਨਾਂ ਕੀਮਤ ਦੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਅਤੇ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੇ ਦਹਾਕਿਆਂ ਬੱਧੀ ਮਿਹਨਤ ਨਾਲ ਬੰਜਰ, ਦਲਦਲ ਮਾਰੀਆਂ ਜ਼ਮੀਨਾਂ ਨੂੰ ਉਪਜਾਊ ਬਣਾਇਆ ਹੈ। ਦੇਸ਼ ਦੀਆਂ ਅਨਾਜ ਲੋੜਾਂ ਨੂੰ ਪੂਰਾ ਕੀਤਾ ਹੈ ਤੇ ਦੇਸ਼ ਦੇ ਉਤਪਾਦਨ ਵਿਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮੁਜਾਰਿਆਂ ਨੂੰ ਇੱਕ ਰੁਪਏ ਕੀਮਤ ’ਤੇ ਜ਼ਮੀਨਾਂ ਦਿੱਤੀਆਂ ਗਈਆਂ ਸਨ ਉਸੇ ਤਰ੍ਹਾਂ ਅਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਛੋਟੇ ਅਤੇ ਸੀਮਾਂਤ ਗਰੀਬ ਕਿਸਾਨਾਂ ਅਤੇ ਆਪਣੇ ਘਰ ਬਣਾ ਕੇ ਬੈਠੇ ਗਰੀਬ ਮਜ਼ਦੂਰਾਂ ਕੋਲੋਂ ਕੋਈ ਕੀਮਤ ਨਾ ਵਸੂਲੀ ਜਾਵੇ।