ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜਨਵਰੀ
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਕੂਲਾਂ ਵਿੱਚ ਬੱਚਿਆਂ ਦੀਆਂ ਰੈਗੂਲਰ ਕਲਾਸਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ ਕੇ ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਕੇਂਦਰੀ ਹੁਕਮਰਾਨਾਂ ਤੇ ਪੰਜਾਬ ਸਰਕਾਰ ਦਾ ਸਕੂਲਾਂ ਵਿੱਚ ਬੱਚਿਆਂ ਦੀ ਰੈਗੂਲਰ ਪੜ੍ਹਾਈ ਬੰਦ ਰੱਖਣ ਦਾ ਫ਼ੈਸਲਾ ਪੂਰੀ ਤਰ੍ਹਾਂ ਤਰਕਹੀਣ ਤੇ ਲੋਕ ਵਿਰੋਧੀ ਹੈ। ਭੀੜ-ਭੜੱਕੇ ਵਾਲੇ ਬਾਜ਼ਾਰ, ਠੇਕੇ, ਰੇਸਤਰਾਂ, ਹੋਟਲ, ਸ਼ਾਪਿੰਗ ਮਾਲ ਆਦਿ ਸਭ ਖੁੱਲ੍ਹੇ ਹਨ, ਪਰ ਸਕੂਲ ਬੰਦ ਹਨ। ਉਨ੍ਹਾਂ ਕਿਹਾ ਕਿ ਲੌਕਡਾਊਨ ਲੱਗਣ ਅਤੇ ਸਕੂਲਾਂ ਨੂੰ ਬੰਦ ਰੱਖਣ ਦਾ ਕੋਈ ਵਿਗਿਆਨਕ ਆਧਾਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਹੁਣ ਤਾਂ ਵਿਸ਼ਵ ਬੈਂਕ ਦੇ ਸਿੱਖਿਆ ਨਿਰਦੇਸ਼ਕ ਨੇ ਵੀ ਸਾਫ਼ ਕਹਿ ਦਿੱਤਾ ਹੈ ਕਿ ਸਕੂਲ ਬੰਦ ਰੱਖਣਾ ਵਾਜਬ ਨਹੀਂ ਹੈ ਤੇ ਸਕੂਲਾਂ ਨੂੰ ਮੁੜ ਖੋਲ੍ਹਣ ਨਾਲ ਕਰੋਨਾ ਦੇ ਮਾਮਲੇ ਵਧਣ ਬਾਰੇ ਵੀ ਕੋਈ ਸਬੂਤ ਨਹੀਂ ਹੈ।