ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 8 ਜਨਵਰੀ
ਸਥਾਨਕ ਮਜ਼ਦੂਰ-ਮੁਲਾਜ਼ਮ ਤਾਲਮੇਲ ਕੇਂਦਰ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ, ਟੈਕਨੀਕਲ ਸਰਵਿਸਿਜ਼ ਯੂਨੀਅਨ, ਦਸਮੇਸ਼ ਅਕੈਡਮੀ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਵੱਲੋਂ ਪਾਸ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਦੋਖੀ ਅਤੇ ਲੇਬਰ ਕਾਨੂੰਨਾਂ ’ਚ ਕੀਤੀਆਂ ਸੋਧਾਂ ਨੂੰ ਰੱਦ ਕਰਵਾਉਣ ਦੇ ਲਈ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਜ਼ ਯੂਨੀਅਨ ਦੇ ਪ੍ਰਧਾਨ ਮੱਖਣ ਕਾਲ, ਜੰਗਲਾਤ ਮਜ਼ਦੂਰ ਯੂਨੀਅਨ ਦੇ ਬਲਦੇਵ ਕੁਮਾਰ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਕੈਸ਼ੀਅਰ ਸੰਤੋਖ ਸਿੰਘ, ਕਰਮਚਾਰੀ ਯੂਨੀਅਨ ਦਸਮੇਸ਼ ਅਕੈਡਮੀ ਦੇ ਪ੍ਰਧਾਨ ਖੁਸ਼ਹਾਲ ਸਿੰਘ ਬੀਬੀਐਮਬੀ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਅਤੇ ਮੰਗਤ ਰਾਮ, ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਪ੍ਰਧਾਨ ਪੂਨਮ ਸ਼ਰਮਾ ਤੋਂ ਇਲਾਵਾ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੇ ਕਨਵੀਨਰ ਤਰਸੇਮ ਲਾਲ ਅਤੇ ਕੋ ਕਨਵੀਨਰ ਗੁਰਦਿਆਲ ਸਿੰਘ ਭੰਗਲ ਵਲੋਂ ਸੰਬੋਧਨ ਕਰਦੇ ਹੋਏ ਮੰਗ ਕੀਤੀ ਕਿ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਦੋਖੀ ਖੇਤੀ ਕਾਨੂੰਨ ਰੱਦ ਕੀਤੇ ਜਾਣ, ਲੇਬਰ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ, ਸਰਵਜਨਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਸਭ ਨੂੰ ਸਸਤੇ ਰਾਸ਼ਨ ਦਾ ਪ੍ਰਬੰਧ ਕੀਤਾ ਜਾਵੇ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਸਭ ਲਈ ਪੱਕੇ ਰੁਜ਼ਗਾਰ, ਸਸਤੀ ਵਿੱਦਿਆ ਅਤੇ ਸਸਤੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਆਦਿ। ਉਪਰੋਕਤ ਮੰਗਾਂ ਦਾ ਮੰਗ ਪੱਤਰ ਭਾਰਤ ਸਰਕਾਰ ਨੂੰ ਭੇਜਦੇ ਹੋਏ ਮੰਗ ਕੀਤੀ ਗਈ ਕਿ ਇਹ ਮੰਗਾਂ ਬਿਨਾਂ ਸ਼ਰਤ ਤੇ ਬਿਨਾਂ ਦੇਰੀ ਪ੍ਰਵਾਨ ਕੀਤੀਆਂ ਜਾਣ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।