ਪੱਤਰ ਪ੍ਰੇਰਕ
ਚੰਡੀਗੜ੍ਹ, 22 ਸਤੰਬਰ
ਸਿਹਤ ਕਾਮਿਆਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਥਾਨਕ ਸੈਕਟਰ-34 ਏ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਤੇ ਜਨਰਲ ਸਕੱਤਰ ਗਗਨਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਦਾ ਨਾਂ ਬਦਲਣ, ਕੱਟੇ ਗਏ ਭੱਤੇ ਬਹਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਆਦਿ ਸਬੰਧੀ ਮੰਗਾਂ ’ਤੇ ਲਗਾਤਾਰ ਸੰਘਰਸ਼ ਜਾਰੀ ਹੈ। ਆਗੂਆਂ ਨੇ ਐਲਾਨ ਕੀਤਾ 3 ਅਕਤੂਬਰ ਨੂੰ ਇਨ੍ਹਾਂ ਮੰਗਾਂ ਬਾਰੇ ਸੂਬਾ ਕਮੇਟੀ ਵੱਲੋਂ ਸਮੀਖਿਆ ਕੀਤੀ ਜਾਵੇਗੀ ਤੇ 8 ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਡਾਇਰੈਕਟਰ ਵੱਲੋਂ ਛੇਤੀ ਮੰਗਾਂ ਦੇ ਹੱਲ ਦਾ ਭਰੋਸਾ
ਯੂਨੀਅਨ ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ ਜਿਸ ’ਚ ਉਨ੍ਹਾਂ ਨੇ ਡਾਇਰੈਕਟਰ ਦਫ਼ਤਰ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਇੱਕ ਮਹੀਨੇ ’ਚ ਹੱਲ ਕਰਨ ਦਾ ਭਰੋਸਾ ਦਿੱਤਾ।