ਹਰਪ੍ਰੀਤ ਕੌਰ
ਹੁਸ਼ਿਆਰਪੁਰ, 19 ਸਤੰਬਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ, ਵਜ਼ੀਫ਼ਾ ਸਕੀਮ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਸੰਧਰਾਂ ਦੀ ਅਗਵਾਈ ਹੇਠ ਇੱਥੇ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਉਨ੍ਹਾਂ ਨੂੰ ਸੜਕਾਂ ’ਤੇ ਉਤਰਨਾ ਪਿਆ ਅਤੇ ਕਰੋਨਾ ਮਹਾਮਾਰੀ ਕਾਰਨ ਜੇ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 2007 ਤੋਂ 2020 ਤਕ ਦੀ ਵਜ਼ੀਫ਼ਾ ਸਕੀਮ ਵਿਚ ਵੱਡੇ ਪੱਧਰ ’ਤੇ ਘਪਲਾ ਹੋਇਆ, ਜਿਸ ਲਈ ਮੌਕੇ ਦੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਹੁਣੇ-ਹੁਣੇ ਹੋਏ 64 ਕਰੋੜ ਰੁਪਏ ਦੇ ਵਜ਼ੀਫ਼ਾ ਘੁਟਾਲੇ ਵਿਚ ਸ਼ਾਮਲ ਕੈਬਨਿਟ ਮੰਤਰੀ ਨੂੰ ਵੀ ਸੂਬਾ ਸਰਕਾਰ ਬਚਾ ਰਹੀ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦਾ ਲੋਕ ਸਭਾ ਵਿਚ ਬਸਪਾ ਦੇ ਮੈਂਬਰਾਂ ਨੇ ਡਟ ਕੇ ਵਿਰੋਧ ਕੀਤਾ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਦਿੱਤੇ ਅਸਤੀਫ਼ੇ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 24 ਸਤੰਬਰ ਨੂੰ ਅੰਮ੍ਰਿਤਸਰ, 28 ਨੂੰ ਬਠਿੰਡਾ, 29 ਨੂੰ ਪਟਿਆਲਾ, 3 ਅਕਤੂਬਰ ਨੂੰ ਸੰਗਰੂਰ ਅਤੇ 9 ਅਕਤੂਬਰ ਨੂੰ ਪਾਇਲ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।