ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਪ੍ਰਦਰਸ਼ਨ 13 ਨੂੰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਅਤੇ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਬੰਦ ਕੀਤੇ ਜਮਹੂਰੀ ਕਾਰਕੁਨਾਂ ਦੀ ਰਿਹਾਈ ਲਈ 13 ਨਵੰਬਰ ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਵੱਡੀ ਗਿਣਤੀ ਕੈਦੀ ਕਾਨੂੰਨੀ ਤੌਰ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਜੇਲ੍ਹਾਂ ’ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਫਿਰਕੂ ਫਾਸ਼ੀਵਾਦੀ ਜਬਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ, ਲੇਖਕਾਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਝੂਠੇ ਕੇਸਾਂ ਤਹਿਤ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਇਨ੍ਹਾਂ ’ਚੋਂ ਬਹੁਤਿਆਂ ’ਤੇ ਤਾਂ ਕਈ-ਕਈ ਸਾਲਾਂ ਤੋਂ ਕੇਸ ਦੀ ਸੁਣਵਾਈ ਹੀ ਸ਼ੁਰੂ ਨਹੀਂ ਹੋਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਲੋਕਾਂ ਦੀ ਜਮਹੂਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਸਰਕਾਰ ਨੇ ਵੀ ਚੁੱਪੀ ਵੱਟੀ ਹੋਈ ਹੈ।
ਇਸੇ ਲਈ ਜਥੇਬੰਦੀ 13 ਨਵੰਬਰ ਨੂੰ ਸੰਗਰੂਰ ਵਿੱਚ ਪ੍ਰਦਰਸ਼ਨ ਕਰਕੇ ਸਰਕਾਰਾਂ ਨੂੰ ਜਗਾਉਣ ਲਈ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕਰਨ ਦੇ ਨਾਲ-ਨਾਲ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਵੀ ਤੁਰੰਤ ਜੇਲ੍ਹ ’ਚੋਂ ਰਿਹਾਅ
ਕੀਤਾ ਜਾਵੇ।
