ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਫਰਵਰੀ
ਕੇਂਦਰ ਸਰਕਾਰ ਵੱਲੋਂ ਜਿਸ ਸਮੇਂ ਬਜਟ ਪੇਸ਼ ਕੀਤਾ ਜਾ ਰਿਹਾ ਸੀ, ਉਸੇ ਸਮੇਂ ’ਤੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਵੱਲੋਂ ਆਪਣੀਆਂ ਮੰਗਾਂ ਲਈ ਟਿਕਰੀ ਬਾਰਡਰ ’ਤੇ ਲੱਗੀ ਪਕੌੜਾ ਚੌਕ ਦੀ ਸਟੇਜ ਤੋਂ ਲੈ ਕੇ ਬਹਾਦਰਗੜ੍ਹ ਦੇ ਮੈਟਰੋ ਰੇਲਵੇ ਸਟੇਸ਼ਨ ਤੱਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਨਿਰਾ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ ਲਈ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ ਨਾਲ ਹੋਰ ਮੰਗਾਂ ਮੰਨੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਖੇਤੀ ਲਈ ਵੱਖਰਾ ਬਜਟ ਰੱਖਿਆ ਜਾਵੇ, ਖੇਤੀ ਲਈ ਅਤੇ ਮਜ਼ਦੂਰਾਂ ਨੂੰ ਮਿਲਦੀਆਂ ਸਬਸਿਡੀਆਂ ਕੱਟਣ ਦੀ ਬਜਾਏ ਇਸ ਵਿੱਚ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਗੱਲਬਾਤ ਕਰਨ ਦੇ ਦਿੱਤੇ ਸੱਦੇ ਸਬੰਧੀ ਕਿਹਾ ਕਿ ਪਹਿਲਾਂ ਸਰਕਾਰ ਗੱਲਬਾਤ ਦਾ ਮਾਹੌਲ ਬਣਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ’ਤੇ ਬੈਠੇ ਕਿਸਾਨਾਂ ਖ਼ਿਲਾਫ਼ ਦਹਿਸ਼ਤ ਦਾ ਮਾਹੌਲ ਖ਼ਤਮ ਕੀਤਾ ਜਾਵੇ, ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਜ਼ਬਤ ਕੀਤਾ ਸਾਮਾਨ ਵਾਪਸ ਕੀਤਾ ਜਾਵੇ, ਕਿਸਾਨਾਂ ਤੇ ਆਗੂਆਂ ’ਤੇ ਪਾਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਅੱਜ ਦੇ ਧਰਨੇ ਨੂੰ ਈਟੀਟੀ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਪਾਲ ਕੌਰ ਬਠਿੰਡਾ, ਬਾਰ ਐਸੋਸੀਏਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਤੇ ਐਡਵੋਕੇਟ ਰਵਿੰਦਰ ਕੌਰ ਅਤੇ ਜਗਮੀਤ ਸਿੰਘ ਮਲੋਟ ਨੇ ਵੀ ਸੰਬੋਧਨ ਕੀਤਾ।