ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਖਜ਼ਾਨਾ ਦਫਤਰਾਂ ਨੂੰ ਜ਼ੁਬਾਨੀ ਫੁਰਮਾਨ ਜਾਰੀ ਕਰਕੇ ਸਮੁੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ। ਤਨਖਾਹਾਂ ਜਾਰੀ ਕਰਨ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਖ਼ਜ਼ਾਨਾ ਦਫ਼ਤਰ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਵਿੱਤ ਮੰਤਰੀ ਦੇ ਨਾਮ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰਾਹੀਂ ਮੰਗ ਪੱਤਰ ਦਿੱਤਾ ਗਿਆ। ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਰੋਲੀ ਰੱਖਿਆ ਜਿਸ ਦਾ ਖਮਿਆਜ਼ਾ ਉਨ੍ਹਾਂ ਸਰਕਾਰਾਂ ਨੂੰ ਭੁਗਤਣਾ ਪਿਆ। ਪ੍ਰੰਤੂ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਰੋਕੀਆਂ। ਪ੍ਰੰਤੂ ਬਦਲ ਦਾ ਨਾਅਰਾ ਦੇ ਕੇ ਹੋਂਦ ’ਚ ਆਈ ਭਗਵੰਤ ਮਾਨ ਦੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਪਹਿਲੇ ਬਦਲ ਦੇ ਦਰਸ਼ਨ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਦੇ ਚਿਹਰੇ ਬਦਲ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਤਾਂ ਸਮੁੱਚੇ ਮੁਲਾਜ਼ਮ ਕੰਮ ਜਾਮ ਕਰਕੇ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ। ਇਨ੍ਹਾਂ ਤੋਂ ਇਲਾਵਾ ਰਜਿੰਦਰਪਾਲ ਤਿੰਬਰਪੁਰ ,ਸੁਖਰਾਮ ਕਾਲੇਵਾਲ, ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ ਬਲਜੀਤ ਸਿੰਘ ਆਦਿ ਆਗੂ ਹਾਜ਼ਰ ਸਨ।
ਅਧਿਆਪਕਾਂ ਨੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ
ਮੋਰਿੰਡਾ (ਪੱਤਰ ਪ੍ਰੇਰਕ): ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਕਲਾਰਾਂ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੱਚਾ ਸਿੰਘ ਚਾਹਲ ਨੇ ਦੱਸਿਆ ਕਿ ਅਧਿਆਪਕਾਂ ਦੀ ਜਾਇਜ਼ ਮੰਗਾਂ ਜਿਵੇਂ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਵਿਕਟੇਮਾਈਜੇਸ਼ਨ ਰੱਦ ਕਰਨ, ਸੈਕੰਡਰੀ ਸਕੂਲਾਂ ਅਧਿਆਪਕਾਂ ਦੀਆਂ ਬਦਲੀਆਂ ਕਰਨ, ਨਾਨ ਟੀਚਿੰਗ ਸਟਾਫ਼ ਤੇ ਟੈਸਟ ਦੀ ਸ਼ਰਤ ਖ਼ਤਮ ਕਰਨ, ਅਤੇ ਵਿਦਿਆਰਥੀਆਂ ਨੂੰ ਸਿੱਖਿਆ ਬੋਰਡ ਵੱਲੋਂ ਸਰਟੀਫਿਕੇਟ ਜਾਰੀ ਕਰਨ ਵਰਗੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਜਸਵਿੰਦਰ ਕੌਰ, ਮੇਜਰ ਸਿੰਘ, ਦਵਿੰਦਰ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਕਲਾਰਾਂ ਵਿੱਚ ਵੀ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਜਸਵਿੰਦਰ ਕੌਰ, ਮੇਜਰ ਸਿੰਘ, ਦਵਿੰਦਰ ਕੌਰ,ਨੀਤੂ ਸ਼ਰਮਾ, ਬਲਜਿੰਦਰ ਕੌਰ, ਕੁਲਬੀਰ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ।