ਗੁਰਦੇਵ ਸਿੰਘ ਗਹੂੰਣ
ਬਲਾਚੌਰ, 18 ਮਈ
ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਅਨਾਜ ਮੰਡੀ ਵਿਖੇ ਰੋਹ ਭਰਪੂਰ ਮੁਜ਼ਾਹਰਾ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਤਹਿਸੀਲ ਪ੍ਰਧਾਨ ਸੋਹਣ ਸਿੰਘ, ਡੀਟੀਐਫ ਦੇ ਬਲਾਕ ਪ੍ਰਧਾਨ ਚੰਦਰ ਸ਼ੇਖਰ ਔਲੀਆਪੁਰ, ਪ੍ਰਸ਼ੋਤਮ ਲਾਲ, ਹਰੀ ਸਿੰਘ ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਅਤੇ ਵਿਦਿਆਰਥੀ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ ਕਰਦਿਆਂ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਅਜਿਹੀਆਂ ਨੀਤੀਆਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਵੇਗਾ।
ਚੋਹਲਾ ਸਾਹਿਬ (ਤੇਜ਼ਿੰਦਰ ਸਿੰਘ ਖ਼ਾਲਸਾ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਬਲਾਕ ਚੋਹਲਾ ਸਾਹਿਬ ਦੇ ਅਧਿਆਪਕਾ ਨੇ ਚੋਹਲਾ ਸਾਹਿਬ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆ ਸਕੂਲ ਉਜਾੜੂ ਨੀਤੀਆਂ ਦਾ ਵਿਰੋਧ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਚੋਹਲਾ ਸਾਹਿਬ, ਗੁਰਦੀਪ ਸਿੰਘ ਪੱਖੋਪੁਰ , ਦਿਲਬਾਗ ਸਿੰਘ ਤੇ ਗੁਰਦੇਵ ਸਿੰਘ ਨੇ ਹੋਰ ਮੰਗਾਂ ਨਾਲ ਅਧਿਆਪਕਾ ਨੂੰ ਕਰੋਨਾ ਯੋਧੇ ਐਲਾਨਣ, ਜੇ ਕੋਈ ਵੀ ਮੁਲਾਜ਼ਮ ਕਰੋਨਾ ਪਾਜ਼ੇਟਿਵ ਆ ਜਾਂਦਾ ਹੈ ਤਾ ਉਸ ਨੂੰ ਪੂਰੀ ਤਨਖ਼ਾਹ ਤੇ ਛੁੱਟੀ ਦਿੱਤੀ ਜਾਣ ਦੀ ਮੰਗ ਕੀਤੀ।
ਦਸੂਹਾ (ਭਗਵਾਨ ਦਾਸ ਸੰਦਲ): ਇਥੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਥਾਨਕ ਇਕਾਈ ਵੱਲੋਂ ਸਕੂਲਾਂ ਵਿੱਚੋਂ ਅਧਿਆਪਕਾਂ ਦੀਆਂ ਅਸਾਮੀਆਂ ਘਟਾਉਣ ਦੇ ਵਿਰੋਧ ਵਿੱਚ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਜੱਥੇਬੰਦੀ ਦੇ ਆਗੂਆਂ ਕੁਲਵੰਤ ਸਿੰਘ ਜਲੋਟਾ, ਇੰਦਰ ਸੁਖਦੀਪ ਸਿੰਘ ਓਢਰਾ, ਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਮਿਡਲ, ਹਾਈ ਅਤੇ ਸੈਕੰਡਰੀ ਸsਕੂਲਾਂ ਵਿੱਚੋਂ ਵੀ ਚੁੱਪ-ਚੁਪੀਤੇ ਹਜ਼ਾਰਾਂ ਅਸਾਮੀਆਂ ਦਾ ਖ਼ਾਤਮਾ ਕਰਕੇ ਨੌਕਰੀਆਂ ਦੀ ਮੰਗ ਕਰ ਰਹੇ ਬੇਰੁਜ਼ਗਾਰਾਂ ਦੇ ਸੁਪਨਿਆਂ ’ਤੇ ਪਾਣੀ ਫੇਰ ਦਿੱਤਾ ਹੈ।
ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ
ਗੁਰਾਇਆ (ਨਿੱਜੀ ਪੱਤਰ ਪ੍ਰੇਰਕ) :ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਅਧਿਆਪਕਾਂ ਵੱਲੋਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ ਹਨ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਜਲੰਧਰ ਦੇ ਬਲਾਕ ਗੁਰਾਇਆ -1 ਅਤੇ 2 ਦੇ ਆਗੂਆਂ ਨੇ ਕਿਹਾ ਕਿ ਸਰਕਾਰ ਮੰਗਾਂ ਵੱਲ ਉਚਿੱਤ ਧਿਆਨ ਦੇਵੇ। ਇਸ ਮੌਕੇ ਬੂਟਾ ਰਾਮ, ਪ੍ਰੇਮ ਖਲਵਾੜਾ, ਤੀਰਥ ਬਾਸੀ, ਕੁਲਵੰਤ ਰਾਮ, ਜਗਜੀਤ ਕੁਮਾਰ, ਨਿਰਮੋਲਕ ਸਿੰਘ, ਸੁਖਵਿੰਦਰ ਰਾਮ, ਰਣਜੀਤ ਕੁਮਾਰ, ਸਰਬਜੀਤ ਸਿੰਘ ਤੇ ਪਰਵੀਨ ਸੰਧੂ ਹਾਜ਼ਰ ਸਨ।