ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੂਨ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ‘ਪਾਣੀ ਬਚਾਓ ਅਤੇ ਖੇਤੀ ਬਚਾਓ’ ਮੁਹਿੰਮ ਤਹਿਤ ਪੰਜ ਰੋਜ਼ਾ ਸੂਬਾਈ ਮੋਰਚੇ ਦੌਰਾਨ ਅੱਜ ਦੂਜੇ ਦਿਨ 18 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਧਰਨੇ ਲਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜ਼ਿਆਦਾਤਰ ਧਰਨੇ ਪਿੰਡਾਂ ਦੇ ਜਲ ਘਰਾਂ ਵਿੱਚ ਲਾਏ ਗਏ। ਇਨ੍ਹਾਂ ਮੋਰਚਿਆਂ ਵਿੱਚ ਔਰਤਾਂ, ਨੌਜਵਾਨਾਂ ਸਮੇਤ ਕਿਸਾਨ, ਮਜ਼ਦੂਰ ਤੇ ਹੋਰ ਕਿਰਤੀ ਲੋਕ ਸ਼ਾਮਲ ਹੋਏ। ਹਮਾਇਤ ਵਜੋਂ ਕਈ ਥਾਈਂ ਜਲ ਸਪਲਾਈ ਠੇਕਾ ਕਾਮਿਆਂ ਨੇ ਵੀ ਹਾਜ਼ਰੀ ਭਰੀ। ਇਨ੍ਹਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਔਰਤ ਆਗੂ ਹਰਿੰਦਰ ਕੌਰ ਬਿੰਦੂ, ਜਸਵੀਰ ਕੌਰ ਉਗਰਾਹਾਂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ, ਬਚਿੱਤਰ ਕੌਰ ਤਲਵੰਡੀ ਮੱਲ੍ਹੀਆਂ ਅਤੇ ਸਰੋਜ ਰਾਣੀ ਦਿਆਲਪੁਰਾ ਸਮੇਤ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ ਅਤੇ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਵਿਸ਼ਵ ਬੈਂਕ ਦੇ 2005 ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਣ ਵਾਲੇ ਪਾਣੀ, ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਮਾਲਕੀ ਦੇਸੀ ਵਿਦੇਸ਼ੀ ਕਾਰਪੋਰੇਟਾਂ ਨੂੰ ਸੌਂਪਣ ਲਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਸਾਰੇ ਕਦਮ ਅਤੇ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ ਪੰਜਾਬ ਅਸੈਂਬਲੀ ਵਿੱਚ ਮਤਾ ਪਾਸ ਕਰਕੇ ਰੱਦ ਕੀਤੇ ਜਾਣ। ਪੇਂਡੂ ਜਲ ਸਪਲਾਈ ਦਾ ਪਹਿਲਾ ਢਾਂਚਾ ਉਸੇ ਤਰ੍ਹਾਂ ਬਹਾਲ ਕੀਤਾ ਜਾਵੇ। ਦਰਿਆਵਾਂ ਨਹਿਰਾਂ ਅਤੇ ਸੇਮ ਨਾਲਿਆਂ ਨੂੰ ਪ੍ਰਦੂਸ਼ਿਤ ਕਰ ਰਹੀਆਂ ਸਾਰੀਆਂ ਸਨਅਤੀ ਇਕਾਈਆਂ, ਸ਼ਹਿਰੀ ਕਮੇਟੀਆਂ ਤੇ ਹੋਰ ਅਦਾਰਿਆਂ ਖ਼ਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਸਜ਼ਾਵਾਂ ਦਿੱਤੀਆਂ ਜਾਣ ਅਤੇ ਪਾਣੀ ਦੇ ਹੋ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮੂੰਗੀ ਵਾਂਗ ਹੀ ਮੱਕੀ ਅਤੇ ਬਾਸਮਤੀ ਦੀ ਐੱਮਐੱਸਪੀ ਮਿਥ ਕੇ ਮੌਜੂਦਾ ਫਸਲ ਦੀ ਖਰੀਦ ਯਕੀਨੀ ਕਰਨ ਦਾ ਆਰਡੀਨੈਂਸ ਜਾਰੀ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਬੇਲੋੜੀਆਂ ਸ਼ਰਤਾਂ ਹਟਾਈਆਂ ਜਾਣ। ਘਰੇਲੂ ਪਾਣੀ ਅਤੇ ਖੇਤਾਂ ਦੇ ਪਾਣੀ ਦੀ ਸੰਜਮੀ ਵਰਤੋਂ ਲਈ ਨਹਿਰੀ ਸਿਸਟਮ ਦੇ ਪਸਾਰੇ ਅਤੇ ਦਰੁਸਤੀ ਤੋਂ ਇਲਾਵਾ ਬਰਸਾਤੀ ਪਾਣੀ ਦੀ ਧਰਤੀ ਵਿੱਚ ਮੁੜ-ਭਰਾਈ ਦਾ ਢਾਂਚਾ ਉਸਾਰਨ ਲਈ ਹੰਗਾਮੀ ਕਦਮ ਉਠਾਏ ਜਾਣ। ਹਰੇ ਇਨਕਲਾਬ ਦੇ ਦੋ-ਫਸਲੀ ਜ਼ਹਿਰੀਲੇ ਖੇਤੀ ਮਾਡਲ ਦੀ ਥਾਂ ਬਹੁ-ਫਸਲੀ ਕੁਦਰਤੀ ਖੇਤੀ ਵਾਲਾ ਆਤਮ-ਨਿਰਭਰ ਖੇਤੀ ਮਾਡਲ ਅਪਣਾਇਆ ਜਾਵੇ। ਇਸ ਮੌਕੇ ਹੋਰ ਮੰਗਾਂ ਸਬੰਧੀ ਵੀ ਵਿਚਾਰਾਂ ਹੋਈਆਂ।