ਪੱਤਰ ਪ੍ਰੇਰਕ
ਟੱਲੇਵਾਲ, 29 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਹੋਣ ਜਾ ਰਹੀ ਚੋਣ ਬਾਰੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਵਿਰੋਧੀ ਖੇਮੇ ਨਾਲ ਰਾਬਤਾ ਜਾਰੀ ਹੈ, ਜਿਸ ਤਹਿਤ ਅੱਜ ਉਹ ਪਿੰਡ ਚੂੰਘਾਂ ਵਿੱਚ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਘਰ ਮੀਟਿੰਗ ਕਰਨ ਪਹੁੰਚੇ। ਸ੍ਰੀ ਢੀਂਡਸਾ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਬਾਦਲ ਪਰਿਵਾਰ ਦੇ ਹੱਥਾਂ ਵਿੱਚੋਂ ਕੱਢਣ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋਮਣੀ ਕਮੇਟੀ ਨੂੰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਤੇ ਅਜਿਹਾ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਜਿਹੜੀਆਂ ਪੰਥਕ ਜਥੇਬੰਦੀਆਂ ਤੇ ਆਗੂ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀਆਂ ਚੋਣਾਂ ਲਈ ਬਾਦਲ ਵਿਰੋਧੀ ਚਿਹਰੇ ਨੂੰ ਪ੍ਰਧਾਨ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਹਰਿਆਣਾ ਵਿੱਚ ਵੱਖਰੀ ਸ਼੍ਰੋਮਣੀ ਕਮੇਟੀ ਬਣਾਏ ਜਾਣ ’ਤੇ ਵੀ ਪਰਮਿੰਦਰ ਢੀਂਡਸਾ ਨੇ ਇਤਰਾਜ਼ ਜਤਾਇਆ ਤੇ ਵੱਖਰੀ ਕਮੇਟੀ ਦੇ ਹੋਂਦ ਵਿੱਚ ਆਉਣ ਪਿੱਛੇ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਦੀਆਂ ਵੱਖ ਵੱਖ ਕਮੇਟੀਆਂ ਤੇ ਵੱਖ ਵੱਖ ਜਾਂਚਾਂ ਹੋਣ ਕਰਕੇ ਇਹ ਮਸਲਾ ਇੰਨਾ ਪੇਚੀਦਾ ਬਣਾ ਦਿੱਤਾ ਕਿ ਸਹੀ ਜਾਂਚ ਦਾ ਪਤਾ ਲਾਉਣਾ ਵੀ ਔਖਾ ਹੋ ਗਿਆ ਹੈ।