ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੂਨ
ਪੁਲੀਸ ਨੇ ਇਥੇ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਉਸ ਨੇ ਇੱਥੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਗੁਰੂ ਅਰਜਨ ਦੇਵ ਨਿਵਾਸ ਸਰਾਂ ਨੇੜੇ ਗੁਟਕਾ ਸਾਹਿਬ ਦੇ ਅੰਗ ਪਾੜੇ ਅਤੇ ਗੁਰਬਾਣੀ ਦੀ ਬੇਅਦਬੀ ਕੀਤੀ। ਇਸ ਬਾਰੇ ਪਤਾ ਲੱਗਣ ਮਗਰੋਂ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲੀਸ ਨੂੰ ਸੌਂਪ ਦਿੱਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਮੁਲਜ਼ਮ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਸ਼ਹੀਦਾਂ) ਤੋਂ ਸੁਖਮਨੀ ਸਾਹਿਬ ਦੇ ਤਿੰਨ ਗੁਟਕੇ ਲਏ ਸਨ। ਉਹ ਗੁਟਕਿਆਂ ਦੇ ਅੰਗ ਰਸਤੇ ਵਿੱਚ ਪਾੜਦਾ ਹੋਇਆ ਗੁਰੂ ਅਰਜਨ ਦੇਵ ਨਿਵਾਸ ਨੇੜੇ ਪੁੱਜਿਆ, ਜਿੱਥੇ ਉਸ ਨੇ ਇੱਕ ਗੁਟਕੇ ਦੇ ਅੰਗ ਪਾੜ ਕੇ ਸੁੱਟ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਡਿਊਟੀ ’ਤੇ ਹਾਜ਼ਰ ਕਰਮਚਾਰੀਆਂ ਨੇ ਕਾਬੂ ਕਰ ਲਿਆ। ਕਰਮਚਾਰੀਆਂ ਨੇ ਉਸ ਦੀ ਕੁੱਟਮਾਰ ਕਰਕੇ ਬਾਅਦ ’ਚ ਪੁਲੀਸ ਨੂੰ ਸੌਂਪ ਦਿੱਤਾ। ਉਨ੍ਹਾਂ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੇ ਮਾਨਸਿਕ ਰੋਗੀ ਸਿਰਫ ਗੁਰਬਾਣੀ ਜਾਂ ਗੁਰੂ ਗ੍ਰੰਥ ਸਾਹਿਬ ਦੀ ਹੀ ਬੇਅਦਬੀ ਕਿਉਂ ਕਰਦੇ ਹਨ? ਉਨ੍ਹਾਂ ਪੁਲੀਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਜਦੋਂ ਸਖਤ ਸਜ਼ਾ ਹੋਵੇਗੀ ਤਾਂ ਅਜਿਹਾ ਕਰਨ ਦਾ ਕੋਈ ਵੀ ਹੀਆ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਪਰ ਹੁਣ ਤੱਕ ਕੁਝ ਵੀ ਠੋਸ ਕਾਰਵਾਈ ਨਹੀਂ ਹੋਈ।
ਪੁਲੀਸ ਨੇ ਉੱਚ ਪੱਧਰੀ ਜਾਂਚ ਲਈ ਟੀਮ ਬਣਾਈ
ਪੁਲੀਸ ਅਧਿਕਾਰੀ ਏਡੀਸੀਪੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਸੰਗਤ ਅਤੇ ਸੇਵਾਦਾਰਾਂ ਨੇ ਇੱਕ ਵਿਅਕਤੀ ਨੂੰ ਪੁਲੀਸ ਹਵਾਲੇ ਕੀਤਾ ਹੈ। ਪੁਲੀਸ ਨੇ ਇਸ ਕੇਸ ਦਰਜ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਉਨ੍ਹਾਂ ਦੀ ਅਗਵਾਈ ਹੇਠ ਉੱਚ ਪੱਧਰੀ ਜਾਂਚ ਟੀਮ ਬਣਾਈ ਗਈ ਹੈ, ਜੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰਕੇ ਵਧੇਰੇ ਪੁੱਛ-ਪੜਤਾਲ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।