ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੈਪਟਨ ਨੇ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਹੀਂ ਕੀਤੀ: ਮਾਨ

ਕੲੀ ਮਗਰਮੱਛਾਂ ਦੀ ਭਾਲ ਜਾਰੀ ਹੋਣ ਦਾ ਦਾਅਵਾ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਹੀਂ ਕੀਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ ਰਾਤ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਜ਼ਾਹਿਰ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਦੇ ਜਵਾਬ ਵਿੱਚ ਸ਼ਨਿੱਚਰਵਾਰ ਨੂੰ ਦੇਰ ਸ਼ਾਮ ਲਾਈਵ ਹੋ ਕੇ ਕੀਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਚਿੰਤਾ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੇ ਆਪਣੀ ਅਣਗਹਿਲੀ ਤੇ ਮਿਲੀਭੁਗਤ ਰਾਹੀਂ ਪੀੜ੍ਹੀ ਦਰ ਪੀੜ੍ਹੀ ਨਸਲਕੁਸ਼ੀ ਨੂੰ ਸੰਭਵ ਬਣਾ ਕੇ ਪੰਜਾਬ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਨੂੰ ਨਿੱਜੀ ਰਾਏ ਵਜੋਂ ਦੱਸਕੇ ਖਾਰਜ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਰਵਨੀਤ ਬਿੱਟੂ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਤੱਕ ਕਈ ਆਗੂ ਇੱਕ ਨਸ਼ਾ ਤਸਕਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਪਾਰ ਅਕਾਲੀ ਸ਼ਾਸਨ ਦੌਰਾਨ ਵਧਿਆ-ਫੁੱਲਿਆ ਸੀ। ਇਸ ਨੂੰ ਪ੍ਰਫੁੱਲਤ ਕਰਨ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਸ ਵਿੱਚ ਮਿਲੀਭੁਗਤ ਕੀਤੀ ਹੋਈ ਸੀ।

ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਰ ਵੀ ਕਈ ਮਗਰਮੱਛਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਰੁੱਧ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਨਾਉਣ ਦਾ ਅਹਿਦ ਲਿਆ ਹੋਇਆ ਹੈ ਅਤੇ ਹੁਣ ਪੰਜਾਬ ਨੂੰ ਨਸ਼ਿਆਂ ਮੁਕਤ ਕਰਕੇ ਹੀ ਰਿਹਾ ਜਾਵੇਗਾ।

Advertisement