ਖੇਤਰੀ ਪ੍ਰਤੀਨਿਧ
ਧੂਰੀ, 5 ਜੂਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਦਾ ਅਸਰ ਪੰਜਾਬ ਦੇ ਵਪਾਰ ’ਤੇ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਵਪਾਰੀ ਪੰਜਾਬ ਤੋਂ ਕੰਨੀ ਕਤਰਾਉਣ ਲੱਗ ਪਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਗਈ ਹੈ ਤੇ ਇਸ ’ਤੇ ਕਾਬੂ ਪਾਉਣਾ ਇਸ ਵੇਲੇ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਇੱਥੇ ਇਹ ਦਾਅਵਾ ਵੀ ਕੀਤਾ ਕਿ ਸੰਗਰੂਰ ਜ਼ਿਲ੍ਹੇ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਉਹ ਵੱਡੇ ਫਰਕ ਨਾਲ ਜਿੱਤ ਦਰਜ ਕਰਵਾਉਣਗੇ। ਕਸ਼ਮੀਰੀ ਪੰਡਿਤਾਂ ਦੀਆਂ ਮਿੱਥ ਕੇ ਹੋ ਰਹੀਆਂ ਹੱਤਿਆਵਾਂ ਦੇ ਸਬੰਧ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਖ਼ੌਫ਼ਜ਼ਦਾ ਹੋਏ ਕਸ਼ਮੀਰੀ ਪੰਡਿਤਾਂ ਨੂੰ ਜੰਮੂ ਕਸ਼ਮੀਰ ਛੱਡਣਾ ਪੈ ਰਿਹਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸਬੰਧੀ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਸਿਮਰਨਜੀਤ ਮਾਨ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਹਿੰਦੂ ਪਰਿਵਾਰਾਂ ਤੇ ਕਸ਼ਮੀਰ ਪੰਡਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਉਹ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਇਸ ਮੌਕੇ ਹਰਬੰਸ ਸਿੰਘ ਸਲੇਮਪੁਰ, ਅਮਰਜੀਤ ਸਿੰਘ ਬਾਦਸ਼ਾਹਪੁਰ, ਹਰਿੰਦਰ ਸਿੰਘ ਘਨੋਰੀ ਖੁਰਦ ਤੇ ਜਗਜੀਤ ਸਿੰਘ ਮੋਰਿੰਡਾ ਹਾਜ਼ਰ ਸਨ।