ਨਿੱਜੀ ਪੱਤਰ ਪ੍ਰੇਰਕ
ਧੂਰੀ, 20 ਜੂਨ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਧੂਰੀ ਵਿੱਚ ਕੀਤੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਪੰਜਾਬ ਵਿਕਾਸ ਦੀਆਂ ਲੀਹਾਂ ’ਤੇ ਚੱਲੇਗਾ ਕਿਉਂਕਿ ਹਰੇਕ ਵਰਗ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਪੰਜਾਬ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲਦੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੈ, ਇਸ ਲਈ ਜੇਕਰ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦਾ ਉਮੀਦਵਾਰ ਜਿੱਤਦਾ ਹੈ ਤਾਂ ਸੰਗਰੂਰ ਦੀ ਨੁਹਾਰ ਬਦਲ ਜਾਵੇਗੀ।
ਉਨ੍ਹਾਂ ਕਿਹਾ ਕਿ ਜਿੱਤ ਮਗਰੋਂ ਕੇਵਲ ਢਿੱਲੋਂ ਹਲਕੇ ਵਿੱਚ ਹਵਾਈ ਅੱਡਾ ਤੇ ਹੋਰ ਕਈ ਵੱਡੇ ਪ੍ਰਾਜੈਕਟ ਲਿਆਉਣਗੇ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ।