ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜੁਲਾਈ
ਮਾਤਾ ਗੁਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਉਪਰੰਤ ਉਨ੍ਹਾਂ ਦੇ ਸੰਸਕਾਰ ਸਥਾਨ ਲਈ 78 ਹਜ਼ਾਰ ਸੋਨੇ ਦੀਆਂ ਮੋਹਰਾਂ ਖੜ੍ਹੀਆਂ ਕਰਕੇ ਜ਼ਮੀਨ ਖਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਫ਼ਤਹਿਗੜ੍ਹ ਸਾਹਿਬ ਨੇੜਲੀ ਰਿਹਾਇਸ਼ ਜਿਸ ਨੂੰ ਜਹਾਜ਼ ਹਵੇਲੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੀ ਕਾਰ ਸੇਵਾ ਅੱਜ ਜੈਕਾਰਿਆਂ ਦੀ ਗੂੰਜ ’ਚ ਸ਼ੁਰੂ ਕਰ ਦਿੱਤੀ ਗਈ।
ਕਾਰ ਸੇਵਾ ਸ਼ੁਰੂ ਕਰਵਾਉਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਇਸ ਜਹਾਜ਼ ਹਵੇਲੀ ਦੀ ਦਿੱਖ ਸੰਵਾਰਨ ਲਈ ਯਤਨ ਕੀਤੇ ਜਾ ਰਹੇ ਸਨ ਪਰ ਮਾਮਲਾ ਹਾਈ ਕੋਰਟ ’ਚ ਪੈਡਿੰਗ ਸੀ ਤੇ ਹੁਣ ਅਦਾਲਤ ਵੱਲੋਂ ਇਸ ਸ਼ਰਤ ’ਤੇ ਮਨਜ਼ੂਰੀ ਦਿੱਤੀ ਗਈ ਹੈ ਕਿ ਉਕਤ ਇਮਾਰਤ ਦੀ ਪੁਰਾਤਨ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਦਿਆਂ ਉਸਾਰੀ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕਾਰ ਸੇਵਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਸੰਗਰੂਰ ਵੱਲੋਂ ਦੇਸ਼-ਵਿਦੇਸ਼ ’ਚ ਬੈਠੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਤੇ ਪੁਰਾਤੱਤਵ ਵਿਭਾਗ ਦੇ ਮਾਹਿਰਾਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਕਾਰ ਸੇਵਾ ਦੀ ਰਸਮੀ ਸ਼ੁਰੂਆਤ ਕਰਨ ਤੋਂ ਪਹਿਲਾਂ ਅੱਜ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਇਸ ਕਾਰ ਸੇਵਾ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਲਖਵਿੰਦਰ ਸਿੰਘ ਕਾਹਨੇਕੇ, ਮੋਹਿੰਦਰ ਸਿੰਘ ਮਹਿਸਮਪੁਰ ਅਤੇ ਪਹੁੰਚੀਆਂ ਪੰਥਕ ਸ਼ਖਸ਼ੀਅਤਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ। ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗੌਹਰੇ ਮਸਕੀਨ ਗਿਆਨੀ ਰਣਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਸਮੇਤ ਹੋਰ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।