ਸਰਬਜੀਤ ਗਿੱਲ
ਫਿਲੌਰ, 9 ਮਈ
ਡਾਇਰੈਕਟਰ ਜਨਰਲ ਆਫ਼ ਪੁਲੀਸ, ਪੰਜਾਬ ਵੀਕੇ ਭਾਵਰਾ ਨੇ ਅੱਜ ਕੋਵਿਡ-19 ਮਹਾਮਾਰੀ ਦੌਰਾਨ ਪੰਜਾਬ ਦੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਪੁਲੀਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਰਵਾਏ ਇੱਕ ਸਮਾਗਮ ਦੌਰਾਨ ਡੀਜੀਪੀ ਨੇ ਹਰੇਕ ਪੀੜਤ ਪਰਿਵਾਰ ਨੂੰ 3-3 ਲੱਖ ਰੁਪਏ ਦੇ ਚੈੱਕ ਸੌਂਪੇ।
ਇਸ ਮੌਕੇ ਡੀਜੀਪੀ ਭਾਵਰਾ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਕਰਕੇ ਪੰਜਾਬ ਪੁਲੀਸ ਫੋਰਸ ਦੇ 94 ਜਵਾਨਾਂ ਦੀ ਜਾਨ ਗਈ ਸੀ, ਜਿਨ੍ਹਾਂ ਵਿੱਚ ਦੋ ਗਜ਼ਟਿਡ ਅਫਸਰ ਤੇ 18 ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੈਸੇ ਨਾਲ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਪਰ ਸਰਕਾਰ ਵੱਲੋਂ ਇਹ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਨਿਮਾਣਾ ਜਿਹਾ ਯਤਨ ਹੈ। ਡੀਜੀਪੀ ਨੇ ਇਹ ਪ੍ਰੋਗਰਾਮ ਕਰਵਾਉਣ ਲਈ ਮੈਨਕਾਈਂਡ ਫਾਰਮਾ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਪੰਜਾਬ ਪੁਲੀਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੈਨਕਾਈਂਡ ਫਾਰਮਾ ਵੱਲੋਂ ਵਿੱਤੀ ਸਹਾਇਤਾ ਦੀ ਪੇਸ਼ਕਸ਼ ਉਨ੍ਹਾਂ ਦੀ ਪਹਿਲਕਦਮੀ ‘ਨਮਨ’ ਤਹਿਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕੋਵਿਡ-19 ਫਰੰਟਲਾਈਨ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨਾ ਹੈ। ਇਸ ਮੌਕੇ ਏਡੀਜੀਪੀ (ਭਲਾਈ) ਅਰਪਿਤ ਸ਼ੁਕਲਾ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡੀਆਈਜੀ ਜਲੰਧਰ ਰੇਂਜ ਐੱਸ ਬੂਪਤੀ, ਪੀਪੀਏ ਫਿਲੌਰ ਦੇ ਕਮਾਂਡੈਂਟ ਤੇ ਡਿਪਟੀ ਡਾਇਰੈਕਟਰ ਹਰਮਨਬੀਰ ਸਿੰਘ ਗਿੱਲ, ਏਆਈਜੀ (ਭਲਾਈ) ਸੁਖਵੰਤ ਸਿੰਘ ਗਿੱਲ ਤੇ ਐੱਸਐੱਸਪੀ ਜਲੰਧਰ (ਦਿਹਾਤੀ) ਸਵਪਨ ਸ਼ਰਮਾ ਵੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਪੀਆਰਟੀਸੀ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ/ਬਰਨਾਲਾ (ਟ੍ਰਿਬਿਊਨ ਨਿਊਜ਼ ਸਰਵਿਸ/ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ ਦੌਰਾਨ ਸ੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਵਾਲੇ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪਿਛਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਵੇਲੇ ਕਾਂਗਰਸ ਨੇ ‘ਆਪ’ ਦੀ ਮੰਗ ਨੂੰ ਅਣਗੌਲਿਆ ਕਰਦਿਆਂ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਰੋਨਾ ਯੋਧਾ ਨਹੀਂ ਐਲਾਨਿਆ ਸੀ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਮਨਜੀਤ ਸਿੰਘ ਦੀ ਡਿਊਟੀ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਲਾਈ ਗਈ ਸੀ। ਪਿਛਲੀ ਕਾਂਗਰਸ ਸਰਕਾਰ ਨੇ 26 ਅਪਰੈਲ 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ ਪਰ ‘ਆਪ’ ਨੇ ਪੀੜਤ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਸੀ।