ਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਅੱਜ ਪੁਲੀਸ ਬਲਾਂ ਨਾਲ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਉੱਚ-ਪੱਧਰੀ ਨਾਕੇ ਲਾਉਣ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲੀਸ ਰੇਂਜ ਸਰਹੱਦੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡੀਜੀਪੀ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।