ਚੰਡੀਗੜ੍ਹ (ਟਨਸ): ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਸਰਕਾਰ ਨੇ ਪੁਲੀਸ ਨੂੰ ਹਾਈ ਅਲਰਟ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਘੱਲੂਘਾਰਾ ਦਿਵਸ ਤੋਂ ਇਕ ਦਿਨ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ ਹੈ। ਡੀਜੀਪੀ ਅਤੇ ਮੁੱਖ ਸਕੱਤਰ ਨੇ ਸਾਂਝੇ ਤੌਰ ’ਤੇ ਪੁਲੀਸ ਕਮਿਸ਼ਨਰਾਂ, ਆਈਜੀ, ਐੱਸਐੱਸਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਕੇ ਸੂਬੇ ’ਚ ਮੁਸਤੈਦੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੀਟਿੰਗ ਦੌਰਾਨ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਸਾਂਝੇ ਤੌਰ ’ਤੇ ਜ਼ਿੰਮੇਵਾਰੀ ਨਿਭਾਉਣ ਲਈ ਵੀ ਕਿਹਾ ਗਿਆ। ਖ਼ੁਫ਼ੀਆ ਏਜੰਸੀਆਂ ਤੋਂ ਜਾਣਕਾਰੀ ਮਿਲਣ ਮਗਰੋਂ ਅਹਿਮ ਸਰਕਾਰੀ ਇਮਾਰਤਾਂ ’ਤੇ ਸੁਰੱਖਿਆ ਪਹਿਰਾ ਸਖ਼ਤ ਕਰ ਦਿੱਤਾ ਗਿਆ ਹੈ। ਵੱਡੇ ਅਤੇ ਸੰਵੇਦਨਸ਼ੀਲ ਸ਼ਹਿਰਾਂ ਵਿਚ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਅੰਮ੍ਰਿਤਸਰ ਸ਼ਾਮਲ ਹਨ। ਅੰਮ੍ਰਿਤਸਰ ਵਿਚ ਪੁਲੀਸ ਨੇ ਫਲੈਗ ਮਾਰਚ ਵੀ ਕੀਤਾ ਹੈ। ਵੇਰਵਿਆਂ ਅਨੁਸਾਰ ਕਰੀਬ 70 ਫ਼ੀਸਦੀ ਪੁਲੀਸ ਨੂੰ ਘੱਲੂਘਾਰਾ ਦਿਵਸ ਕਾਰਨ ਅਪਰੇਸ਼ਨਲ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਦਫ਼ਤਰਾਂ ਅਤੇ ਹੋਰ ਥਾਵਾਂ ਤੋਂ ਸੁਰੱਖਿਆ ਮੁਲਾਜ਼ਮ ਹਟਾ ਕੇ ਸ਼ਹਿਰਾਂ ’ਚ ਤਾਇਨਾਤ ਕੀਤੇ ਗਏ ਹਨ। ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਪਹਿਲਾਂ ਹੀ ਰੱਦ ਕਰ ਦਿੱਤੀਆਂ ਗਈਆਂ ਸਨ। ਅੱਜ ਦੇਰ ਸ਼ਾਮ ਤੋਂ ਪੂਰੇ ਪੰਜਾਬ ਵਿਚ ਪੁਲੀਸ ਨੇ ਗਸ਼ਤ ਤੇਜ਼ ਕਰ ਦਿੱਤੀ ਹੈ। ਅੰਤਰਰਾਜੀ ਨਾਕਾਬੰਦੀ ਵੀ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਮੁਲਾਜ਼ਮਾਂ ਦੀ ਵਾਧੂ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਿੰਦੂ ਜਥੇਬੰਦੀਆਂ ’ਤੇ ਪੁਲੀਸ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਨੂੰ ਕਿਧਰੇ ਵੀ ਮਾਰਚ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਪਟਿਆਲਾ ਵਿਚ ਕਾਲੀ ਮਾਤਾ ਮੰਦਰ ਦੇ ਆਸ-ਪਾਸ ਪੁਲੀਸ ਪਹਿਰਾ ਲਾਇਆ ਗਿਆ ਹੈ। ਬਠਿੰਡਾ, ਸੰਗਰੂਰ, ਫ਼ਿਰੋਜ਼ਪੁਰ, ਮੁਹਾਲੀ, ਜਲੰਧਰ ਆਦਿ ਸ਼ਹਿਰਾਂ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਪੈਟਰੋਲਿੰਗ ਵਧਾਈ ਗਈ ਹੈ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੱਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ।