ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਸਤੰਬਰ
ਪੰਜਾਬ ਦੇ ਪੇਂਡੂ ਵਿਕਾਸ, ਪਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਰੇਲਵੇ ਤੇ ਟੈਕਸਟਾਈਲ ਬਾਰੇ ਕੇਂਦਰੀ ਰਾਜ ਮੰਤਰੀ ਦਰਸ਼ਨਾ ਵਿਕਰਮ ਜਰਦੋਸ਼ ਨਾਲ ਇਥੇ ਉਦਯੋਗ ਭਵਨ ਵਿੱਚ ਮੁਲਾਕਾਤ ਕੀਤੀ। ਸ੍ਰੀ ਧਾਲੀਵਾਲ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਤੇ ਧਾਰਮਿਕ ਪੱਖ ਤੋਂ ਬਹੁਤ ਹੀ ਅਹਿਮ ਕਸਬਾ ਰਮਦਾਸ ਵਿੱਚ ਸਥਿਤ ਰੇਲਵੇ ਸਟੇਸ਼ਨ ਦੀ ਮੁੜ ਉਸਾਰੀ ਕੀਤੀ ਜਾਵੇ ਅਤੇ ਇਸ ਦਾ ਨਾਂ ਬਾਬਾ ਬੁੱਢਾ ਜੀ ਦੇ ਨਾਂ ਉੱਪਰ ਰੱਖਿਆ ਜਾਵੇ। ਉਨ੍ਹਾਂ ਸ੍ਰੀਮਤੀ ਜਰਦੋਸ਼ ਨੂੰ ਦੱਸਿਆ ਕਿ ਰਮਦਾਸ ਕਸਬੇ ਅਤੇ ਕਰਤਾਰਪੁਰ ਸਾਹਿਬ ਕੌਰੀਡੋਰ ਲਈ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਕੇਵਲ ਇਕ ਹੀ ਰੇਲਵੇ ਲਿੰਕ ਹੈ। ਰਮਦਾਸ ਕਸਬੇ ਦਾ ਰੇਲਵੇ ਸਟੇਸ਼ਨ ਆਜ਼ਾਦੀ ਤੋਂ ਪਹਿਲਾਂ ਦਾ ਬਣਿਆ ਹੋਇਆ ਹੈ ਅਤੇ ਇਸਦੀ ਹਾਲਤ ਕਾਫੀ ਖ਼ਰਾਬ ਹੋ ਚੁੱਕੀ ਹੈ। ਇਥੇ ਕੋਈ ਵੀ ਪਲੇਟਫਾਰਮ ਨਹੀਂ ਹੈ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਰੇਲਵੇ ਲਾਈਨ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਲੋਕਾਂ ਲਈ ਬਹੁਤ ਅਹਿਮ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੇਰਾ ਬਾਬਾ ਤੋਂ ਆਉਣ ਵਾਲੀਆਂ ਰੇਲਾਂ ਅੰਮ੍ਰਿਤਸਰ ਸ਼ਹਿਰ ਦੇ ਬਾਹਰੋਂ ਵੇਰਕਾ ਸਟੇਸ਼ਨ ਤੋਂ ਹੀ ਪਰਤ ਜਾਂਦੀਆਂ ਹਨ, ਜਿਸ ਕਰ ਕੇ ਸ਼ਹਿਰ ਆਉਣ ਵਾਲੇ ਯਾਤਰੀਆਂ ਅਤੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਆਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਰੇਲ ਗੱਡੀਆਂ ਨੂੰ ਵੇਰਕਾ ਦੀ ਥਾਂ ਤੋਂ ਅੰਮ੍ਰਿਤਸਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਚਲਾਇਆ ਜਾਵੇ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਉਸਾਰੂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਸ੍ਰੀਮਤੀ ਜਰਦੋਸ਼ ਵੱਲੋਂ ਇਸ ਸਬੰਧੀ ਜਲਦ ਹੀ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ ਹੈ। ਮੀਡੀਆ ਵੱਲੋਂ ਸੁਪਰੀਮ ਕੋਰਟ ਦੁਆਰਾ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਤੇ ਹਰਿਆਣਾ ਨੂੰ ਸਹਿਯੋਗ ਮੀਟਿੰਗ ਕਰਨ ਬਾਰੇ ਦਿੱਤੇ ਆਦੇਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਰਬ ਉੱਚ ਅਦਾਲਤ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਵੱਲੋਂ ਇਸ ਸਬੰਧੀ ਮੀਟਿੰਗ ਹੋਣ ਤੇ ਆਪਣਾ ਪੱਖ ਰੱਖਿਆ ਜਾਵੇਗਾ।