ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਾਲੇ ਦਿਨ ਉਨ੍ਹਾਂ ਦੀ ਰਿਹਾਇਸ਼ ’ਤੇ ਪਾਵਨ ਸਰੂਪ ਲੈ ਕੇ ਆਉਣ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸਬੰਧ ਵਿਚ ਪੱਤਰ ਦੇ ਕੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਕਰਾਰ ਦਿੱਤਾ। ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ ਸਮੇਤ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅੱਜ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਹਨ। ਉਨ੍ਹਾਂ ਪੱਤਰ ਜਥੇਦਾਰ ਨੂੰ ਸੌਂਪਿਆ ਹੈ ਅਤੇ ਕਿਹਾ ਇਸ ਘਟਨਾ ਨਾਲ ਸਿੱਖ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਹੈ। ਉਨ੍ਹਾਂ ਇਸ ਸਬੰਧ ਵਿਚ ਵਾਇਰਲ ਹੋਈ ਇਕ ਵੀਡੀਓ ਦਾ ਹਵਾਲਾ ਦਿੱਤਾ ਹੈ। ਵੀਡੀਓ ਵਿੱਚ ਪਾਵਨ ਸਰੂਪ ਲੈ ਕੇ ਆਈ ਵੈਨ ਨੂੰ ਰੋਕਿਆ ਜਾਂਦਾ ਹੈ ਅਤੇ ਉਥੇ ਤਾਇਨਾਤ ਸੁਰੱਖਿਆ ਕਰਮਚਾਰੀ ਇਸ ਵਾਹਨ ਦੀ ਜਾਂਚ ਕਰਦੇ ਹਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਣਾ ਪਾਵਨ ਸਰੂਪ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਹੈ।