ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਾਰਚ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਹਰਿਮੰਦਰ ਸਾਹਿਬ ਦੀ ਪਹਿਲੀ ਮੰਜ਼ਿਲ ’ਤੇ ਖਿੜਕੀਆਂ ਕੋਲ ਲਾਏ ਗਏ ਸ਼ੀਸ਼ੇ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਹਟਾ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਦੀ ਪਹਿਲੀ ਮੰਜ਼ਿਲ, ਜਿੱਥੋਂ ਹੇਠਾਂ ਪ੍ਰਕਾਸ਼ ਅਸਥਾਨ ਦੇਖਿਆ ਜਾ ਸਕਦਾ ਹੈ, ’ਤੇ ਸੁਰੱਖਿਆ ਦੇ ਮੱਦੇਨਜ਼ਰ ਸ਼ੀਸ਼ੇ ਲਾ ਦਿੱਤੇ ਗਏ ਸਨ। ਇਸ ਨਾਲ ਪੁਰਾਤਨ ਇਮਾਰਤ ਦੇ ਅੰਦਰ ਹਵਾ ਦੇ ਆਰ-ਪਾਰ ਜਾਣ ਵਿਚ ਵਿਘਨ ਪੈਂਦਾ ਹੈ ਅਤੇ ਇਹ ਕਾਰਵਾਈ ਇਸ ਪੁਰਾਤਨ ਇਮਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਸਬੰਧੀ ਕਮੇਟੀ ਪ੍ਰਧਾਨ ਹਰਜਿੰਦਰ ਹਰਜਿੰਦਰ ਸਿੰਘ ਧਾਮੀ ਨਾਲ ਸੰਪਰਕ ਨਹੀਂ ਹੋ ਸਕਿਆ।