ਧਾਮੀ ਨੇ ਦਿੱਲੀ ਤੇ ਪਟਨਾ ਸਾਹਿਬ ਕਮੇਟੀ ਨੂੰ ਅਣਡਿੱਠ ਕੀਤਾ: ਕਾਲਕਾ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਅਤੇ ਹਟਾਉਣ ਲਈ ਵਿਧੀ ਵਿਧਾਨ ਤੈਅ ਕਰਨ ਵਾਸਤੇ 34 ਮੈਂਬਰੀ ਕਮੇਟੀ ਬਣਾਉਣ ਸਮੇਂ ਦਿੱਲੀ ਗੁਰਦੁਆਰਾ ਕਮੇਟੀ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੈਂਬਰਾਂ ਨੂੰ ਕਮੇਟੀ ’ਚ ਸ਼ਾਮਲ ਨਾ ਕਰਨ ਦੀ ਨਿਖੇਧੀ ਕੀਤੀ ਹੈ। ਇੱਥੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ 1971 ’ਚ ਸੰਸਦ ਵੱਲੋਂ ਐਕਟ ਬਣਾਉਣ ਤੋਂ ਲੈ ਕੇ ਪਿਛਲੇ 54 ਸਾਲਾਂ ਤੋਂ ਦਿੱਲੀ ਗੁਰਦੁਆਰਾ ਕਮੇਟੀ ਸੰਗਤ ਦੀ ਸੇਵਾ ਕਰ ਰਹੀ ਹੈ ਤੇ ਸ਼੍ੋਮਣੀ ਕਮੇਟੀ ਤੋਂ ਬਾਅਦ ਸਭ ਤੋਂ ਵੱਡੀ ਪੰਥਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੈਂਬਰਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨਾ ਸਾਬਤ ਕਰਦਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ੋਮਣੀ ਅਕਾਲੀ ਦਲ ਨੂੰ ਖੁਸ਼ ਕਰਨ ਦਾ ਯਤਨ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਨੇ ਕਮੇਟੀ ’ਚ ਸ਼ਾਮਲ ਬਾਬਾ ਹਰਨਾਮ ਸਿੰਘ ਧੁੰਮਾ ਤੇ ਬਾਬਾ ਬਲਬੀਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਤਰੀਕੇ ਦਾ ਵਿਧੀ ਵਿਧਾਨ ਤਿਆਰ ਕਰਨ ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਹਟਾਉਣ ਦੀ ਪ੍ਰਕਿਰਿਆ ਪੂਰਨ ਪਾਰਦਰਸ਼ੀ ਹੋ ਸਕੇ। ਉਨ੍ਹਾਂ ਕਿਹਾ ਕਿ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਸਭ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਨੇ ਕੀਤਾ ਸੀ ਤੇ ਅੱਜ ਸਮੁੱਚਾ ਪੰਥ ਇਸ ਮੁੱਦੇ ’ਤੇ ਇਕਜੁੱਟ ਹੈ।