ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪੁੱਜੇ ਧਾਮੀ
ਸ਼੍ਰੋਮਣੀ ਕਮੇਟੀ ਨੇ ਦੋ ਟਰੱਕ ਰਾਹਤ ਸਮੱਗਰੀ ਨਾਲ ਭਰ ਕੇ ਹੜ੍ਹ ਪੀੜਤਾਂ ਤੱਕ ਪਹੁੰਚਾਏ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲਗਦੇ ਹਲਕਾ ਡੇਰਾ ਬਾਬਾ ਨਾਨਕ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਪਿੰਡਾਂ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ।ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਿਆਂ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਜਿਥੇ ਪਹਿਲਾਂ ਹੀ ਲਗਾਤਾਰ ਜਾਰੀ ਹਨ, ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਚੱਲ ਰਹੀਆਂ ਸੇਵਾਵਾਂ ਦਾ ਵੀ ਜਾਇਜ਼ਾ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਲਈ ਅੱਜ ਭੇਜੀ ਰਾਹਤ ਸਮੱਗਰੀ ਵਿੱਚ 150 ਕੁਇੰਟਲ ਆਟਾ, 30 ਕੁਇੰਟਲ ਦਾਲਾਂ, 5000 ਪੇਟੀ ਪਾਣੀ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ। ਇਸੇ ਤਰ੍ਹਾਂ ਰਮਦਾਸ ਇਲਾਕੇ ਵਿੱਚ ਵੀ ਦੋ ਟਰੱਕ ਰਾਹਤ ਸਮੱਗਰੀ ਨਾਲ ਭਰ ਕੇ ਲੋਕਾਂ ਤੱਕ ਪਹੁੰਚਾਈ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਲੋਕਾਂ ਦੇ ਨਾਲ ਖੜ੍ਹਨਾਂ ਆਪਣਾ ਫਰਜ਼ ਸਮਝਦੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪਹਿਲਾਂ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਹੁਣ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਪਹੁੰਚ ਕੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਬੀਐੱਸਐੱਫ ਜਵਾਨਾਂ ਨਾਲ ਮੁਲਾਕਾਤ
Advertisement
ਧਾਮੀ ਨੇ ਬਾਰਡਰ ’ਤੇ ਡਿਊਟੀ ਨਿਭਾਅ ਰਹੇ ਬੀਐੱਸਐੱਫ਼ ਜਵਾਨ ਜੋ ਹੜ੍ਹਾਂ ਕਾਰਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਹਿ ਰਹੇ ਹਨ, ਨਾਲ ਵੀ ਮੁਲਾਕਾਤ ਕੀਤੀ। ਧਾਮੀ ਨੇ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਹਰ ਆਮ ਨਾਗਰਿਕ ਦੀ ਸਹਾਇਤਾ ਕਰਨ ਦਾ ਹੈ ਪਰ ਸਰਕਾਰਾਂ ਆਪਣੇ ਜਵਾਨਾਂ ਦੀ ਵੀ ਸਾਰ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਇਨ੍ਹਾਂ ਜਵਾਨਾਂ ਲਈ ਵੀ ਲੋੜ ਅਨੁਸਾਰ ਪ੍ਰਬੰਧ ਯਕੀਨੀ ਬਣਾਏਗੀ। - ਟ੍ਰਿਬਿਊਨ ਨਿਊਜ਼ ਸਰਵਿਸ
Advertisement