ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਮਈ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਪਰਿਵਾਰਾਂ ਨੂੰ ਕਾਨੂੰਨੀ ਪ੍ਰਕਿਰਿਆ ’ਚ ਆਉਂਦੇ ਲਾਇਸੈਂਸੀ ਹਥਿਆਰ ਰੱਖਣ ਦੇ ਦਿੱਤੇ ਗਏ ਮਸ਼ਵਰੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਮਾਇਤ ਕੀਤੀ ਹੈ।
ਉਨ੍ਹਾਂ ਦਾ ਤਰਕ ਸੀ ਕਿ ਸਿੰਘ ਸਾਹਿਬ ਵੱਲੋਂ ਸਿੱਖ ਪਰਿਵਾਰਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਸੁਝਾਇਆ ਗਿਆ ਨੁਕਤਾ ਕਿਸੇ ਤਰ੍ਹਾਂ ਵੀ ਗੈਰਵਾਜਬਿ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਧਾਮੀ ਅੱਜ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ 14 ਲੱਖ ਦੀ ਲਾਗਤ ਨਾਲ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਲਵਾਏ ਗਏ 30 ਕਿੱਲੋਵਾਟ ਦੇ ਸੋਲਰ ਪਲਾਂਟ ਦਾ ਉਦਘਾਟਨ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਾਵਰਕੌਮ ਨਾਲ਼ ਹੋਏ ਸਮਝੌਤੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਵੀ ਜਲਦ ਹੀ ਸੋਲਰ ਪਲਾਂਟ ਲੱਗਣ ਜਾ ਰਿਹਾ ਹੈ। ਇਸ ਮੌਕੇ ਪੱੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਮੇਟੀ ਦਾ ਵਫਦ ਜਲਦੀ ਹੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰਾਲੇ ਸਮੇਤ ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰੇਗਾ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਦਰਬਾਰ ਸਾਹਿਬ ਵਿੱਚ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਪੁਰਾਤਨ ਮਰਿਆਦਾ ਨੂੰ ਬਹਾਲ ਕਰਨ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ, ਕਮੇਟੀ ਦੇ ਜਨਰਲ ਸਕੱਤਰ ਕਰਨੈਲ ਪੰਜੋਲੀ ਤੇ ਕਾਰਜਕਾਰੀ ਮੈਂਬਰ ਸੁਰਜੀਤ ਗੜ੍ਹੀ ਵੀ ਮੌਜੂਦ ਸਨ।