ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜਨਵਰੀ
ਦਿੱਲੀ ਕਮੇਟੀ ਦੇ ਹਾਊਸ ਵਿਚ ਇਕ ਮੈਂਬਰ ਵਜੋਂ ਨਾਮਜ਼ਦਗੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਨੁਮਾਇੰਦੇ ਦੇ ਰੂਪ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਚੋਣ ਬੋਰਡ ਦੇ ਅਧਿਕਾਰੀ ਨੂੰ ਪੱਤਰ ਭੇਜਿਆ ਹੈ। ਇਸ ਵਿਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਜੋਂ ਪ੍ਰਧਾਨ ਸ੍ਰੀ ਧਾਮੀ ਦਾ ਨਾਂ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਨੁਮਾਇੰਦੇ ਵਜੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਭੇਜਿਆ ਗਿਆ ਸੀ। ਸ੍ਰੀ ਸਿਰਸਾ ਇਸ ਵਾਰ ਦਿੱਲੀ ਕਮੇਟੀ ਦੀਆਂ ਚੋਣਾਂ ਹਾਰ ਗਏ ਸਨ। ਉਨ੍ਹਾਂ ਨੂੰ ਦਿੱਲੀ ਕਮੇਟੀ ਦੇ ਹਾਊਸ ਦਾ ਮੈਂਬਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਜੋਂ ਨਾਮਜ਼ਦ ਕਰਾਇਆ ਜਾਣਾ ਸੀ ਪਰ ਉਸ ਖ਼ਿਲਾਫ਼ ਗੁਰਦੁਆਰਾ ਚੋਣ ਬੋਰਡ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਉਹ ਗੁਰਮੁਖੀ ਤੋਂ ਅਣਜਾਣ ਹਨ। ਇਸ ਸਬੰਧੀ ਟੈਸਟ ਵਿਚ ਉਹ ਅਸਫ਼ਲ ਰਹੇ ਸਨ। ਉਂਜ ਵੀ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
ਧਾਮੀ ਨੇ ਰੰਧਾਵਾ ਨੂੰ ਪੰਥਕ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਵਰਜਿਆ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਉਹ ਪੰਥਕ ਮਾਮਲਿਆਂ ਵਿਚ ਦਖਲ ਨਾ ਦੇਣ। ਇਸ ਦੌਰਾਨ ਉਪ ਮੁੱਖ ਮੰਤਰੀ ਵਲੋਂ ਅਕਾਲ ਤਖਤ ਦੇ ਜਥੇਦਾਰ ਨੂੰ ਲਿਖਿਆ ਪੱਤਰ ਅੱਜ ਉਨ੍ਹਾਂ ਦੇ ਸਮਰਥਕਾਂ ਨੇ ਜਥੇਦਾਰ ਦੇ ਨਿੱਜੀ ਸਕੱਤਰ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਉਪ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਲਿਖੇ ਪੱਤਰ ’ਤੇ ਸਖਤ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰੰਧਾਵਾ ਨੂੰ ਪੰਥਕ ਮਾਮਲਿਆਂ ਵਿਚ ਦਖਲ ਦੇਣ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਨੇ 1984 ਵਿਚ ਹਰਿਮੰਦਰ ਸਾਹਿਬ ’ਤੇ ਹਮਲਾ ਕਰਵਾਇਆ ਸੀ।