ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ
ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਸਬ-ਡਿਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ ਵੱਲੋਂ ਤਹਿਸੀਲ ਦਫ਼ਤਰ ਅੱਗੇ ਪੰਜਾਬ ਦੀ ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਕੌਰ ਦੀ ਅਗਵਾਈ ਵਿਚ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਿੰਦਰ ਕੌਰ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਡੀਏ ਦੀਆਂ ਜੋ ਦੋ ਕਿਸ਼ਤਾਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੀ ਮੁੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਡੀਏ ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਮੁੁਲਾਜ਼ਮਾਂ ਦੇ ਤਿੰਨ ਸਾਲਾਂ ਤੋਂ ਬਕਾਇਆ ਪਏ ਡੀਏ ਵੀ ਜਲਦ ਜਾਰੀ ਕੀਤੇ ਜਾਣ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਕੱਚੇ ਮੁੁਲਾਜ਼ਮ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਇਹ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਬਲਜੀਤ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਇਕਬਾਲ ਸਿੰਘ, ਮਨਦੀਪ ਕੌਰ, ਗੁਰਜੀਤ ਸਿੰਘ, ਕੇਸਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।