ਸ੍ਰੀ ਗੋਇੰਦਵਾਲ ਸਾਹਿਬ: ਪਿੰਡ ਵਈਪੁਈ ਵਿੱਚ ਕੱਲ੍ਹ ਭੇਤ-ਭਰੇ ਹਾਲਾਤ ਵਿੱਚ ਨੌਜਵਾਨ ਦਵਿੰਦਰ ਸਿੰਘ ਦੀ ਲਾਸ਼ ਮਿਲਣ ਅਤੇ ਇਸ ਸਦਮੇ ਵਿੱਚ ਉਸ ਦੇ ਦਾਦੇ ਲਖਬੀਰ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ ਵਿੱਚ ਅੱਜ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮੂਹ ਪਿੰਡ ਵਾਸੀਆਂ ਸਣੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਾਦੇ-ਪੋਤੇ ਦੀਆਂ ਲਾਸ਼ਾਂ ਨੂੰ ਗੋਇੰਦਵਾਲ-ਤਰਨ ਤਾਰਨ ਸੜਕ ਵਿਚਾਲੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਘਰਸ਼ ਕਮੇਟੀ ਆਗੂ ਦਿਆਲ ਸਿੰਘ, ਕੁਲਦੀਪ ਸਿੰਘ, ਸਵਿੰਦਰ ਸਿੰਘ, ਬਚਿੱਤਰ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਦਵਿੰਦਰ ਸਿੰਘ ਦੀ ਮੌਤ ਲਈ ਜ਼ਿੰਮੇਵਾਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਰੁਣ ਕੁਮਾਰ ਸ਼ਰਮਾ ਨੇ ਪੀੜਤ ਪਰਿਵਾਰ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਆਗੂ ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਡਟੇ ਰਹੇ। ਉਨ੍ਹਾਂ ਆਖਿਆ ਕਿ ਜਦੋਂ ਤੱਕ ਪੁਲੀਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਓਨਾ ਚਿਰ ਮ੍ਰਿਤਕ ਦੇਹਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। -ਪੱਤਰ ਪ੍ਰੇਰਕ