ਜੋਗਿੰਦਰ ਸਿੰਘ ਮਾਨ
ਮਾਨਸਾ, 29 ਅਕਤੂਬਰ
ਇੱਥੋਂ ਨੇੜਲੇ ਪਿੰਡ ਬਣਾਂਵਾਲਾ ਵਿੱਚ ਪ੍ਰਾਈਵੇਟ ਭਾਈਵਾਲੀ ਤਹਿਤ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡਾ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਪਿਛਲੇ ਦੋ ਦਿਨਾਂ ਤੋਂ ਕੋਲਾ ਮੁੱਕਣ ਕਾਰਨ ਬੰਦ ਪਿਆ ਹੈ ਪਰ ਇਸ ਦੇ ਬਾਵਜੂਦ ਥਰਮਲ ਪਲਾਂਟ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿਨ-ਰਾਤ ਦਾ ਧਰਨਾ ਜਾਰੀ ਹੈ। ਜਥੇਬੰਦੀ ਵੱਲੋਂ ਇਹ ਧਰਨਾ ਮੋਦੀ ਸਰਕਾਰ ਵੱਲੋਂ ਪ੍ਰਾਈਵੇਟ ਸੈਕਟਰ ਨੂੰ ਬੜਾਵਾ ਦੇਣ ਅਤੇ ਸਰਕਾਰੀ ਅਦਾਰਿਆਂ ਦੀ ਸੰਘੀ ਘੁੱਟਣ ਦੇ ਵਿਰੋਧ ਵਜੋਂ ਦਿੱਤਾ ਜਾ ਰਿਹਾ ਹੈ। ਜਥੇਬੰਦੀ ਨੇ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵੀ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਥਰਮਲ ਪਲਾਂਟਾਂ ਨੂੰ ਵੀ ਸੰਘਰਸ਼ ਦਾ ਨਿਸ਼ਾਨਾ ਬਣਾਇਆ ਹੋਇਆ ਹੈ।
ਜਥੇਬੰਦੀ ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਸ਼ੁਰੂ ਕੀਤਾ ਅੰਦੋਲਨ ਜਾਰੀ ਰਹੇਗਾ ਅਤੇ ਮੋਦੀ ਸਰਕਾਰ ਜੋ ਕਿਸਾਨਾਂ ਦਾ ਉਜਾੜਾ ਕਰਕੇ ਜ਼ਮੀਨਾਂ ’ਤੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ, ਉਸ ਨੂੰ ਰੋਕਣ ਲਈ ਇਹ ਮੁੱਢਲੇ ਪੜਾਅ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਜਿੰਨੇ ਮਰਜ਼ੀ ਬਹਾਨੇ ਜਾਂ ਦੋਸ਼ ਲਾਉਣ ਪਰ ਪੰਜਾਬ ਦੇ ਲੋਕ ਮੋਦੀ ਸਰਕਾਰ ਦੀ ਚਾਲ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਸੰਘਰਸ਼ਾਂ ਦੇ ਪਿੜ ਨਾ ਮੱਲੇ ਗਏ ਤਾਂ ਹਰ ਤਰ੍ਹਾਂ ਦੇ 70 ਫ਼ੀਸਦੀ ਕਾਰੋਬਾਰ ਤਬਾਹ ਹੋ ਜਾਣਗੇ, ਜਿਸ ਲਈ ਹੁਣ ਸੰਘਰਸ਼ ਤੋਂ ਸਿਵਾਏ ਕਿਸਾਨਾਂ ਤੇ ਆਮ ਲੋਕਾਂ ਕੋਲ ਕੋਈ ਹੋਰ ਹੱਲ ਨਹੀਂ ਹੈ।