ਸਰਬਜੀਤ ਸਿੰਘ ਭੰੰਗੂ
ਪਟਿਆਲਾ, 11 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਚੱਲੇ ਅੰਦੋਲਨ ਦੌਰਾਨ ਐੱਮਐੱਸਪੀ ਸਮੇਤ ਹੋਰ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ 11 ਤੋਂ 17 ਅਪਰੈਲ ਤੱਕ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਸ ਲੜੀ ਤਹਿਤ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠਲੀ ਕਿਸਾਨ ਯੂਨੀਅਨ ਡਕੌਂਦਾ ਸਮੇਤ ਹੋਰ ਜਥੇਬੰਦੀਆਂ ਵੱਲੋਂ ਪਟਿਆਲਾ ਦੇ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ।
ਇਸ ਧਰਨੇ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਢਕੜੱਬਾ, ਸੂਬਾਈ ਆਗੂ ਰਾਮ ਸਿੰਘ ਮਟੋਰੜਾ ਸਕੱਤਰ ਜਗਮੇਲ ਸੁੱਧੇਵਾਲ, ਗੁਰਬਚਨ ਕਨਸੂਹਾ, ਟਹਿਲ ਕੱਕੇਪੁਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨਾਂ ਨੇ ਜਿੱਥੇ ਕੇਂਦਰ ਖ਼ਿਲਾਫ਼ ਰੋਸ ਪ੍ਰਗਟਾਇਆ, ਉੱਥੇ ਹੀ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਐਤਕੀਂ ਕਣਕ ਦਾ ਝਾੜ ਅੱਠ ਤੋਂ ਦਸ ਕੁਇੰਟਲ ਘੱਟ ਹੈ, ਜਿਸ ਨਾਲ ਪੰੰਜਾਬ ਦੇ ਕਿਸਾਨਾਂ ਨੂੰ ਕਰੋੜਾਂ ਰੁਪਏ ਦੀ ਮਾਰ ਝੱਲਣੀ ਪਵੇਗੀ। ਇਸ ਮੌਕੇ ਉਨ੍ਹਾਂ ਘਟੇ ਝਾੜ ਲਈ 500 ਰੁਪਏ ਬੋਨਸ ਤੇ ਡੀਜ਼ਲ ’ਤੇ 20 ਰੁਪਏ ਸਬਸਿਡੀ ਦੀ ਮੰਗ ਵੀ ਕੀਤੀ। ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਪਟਿਆਲਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਵਿਚਾਰੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੀ ਵੀ ਨਿਖੇਧੀ ਕੀਤੀ।
ਉਗਰਾਹਾਂ ਧੜੇ ਨੇ ਰੋਸ ਹਫ਼ਤੇ ਦਾ ਪ੍ਰੋਗਰਾਮ ਉਲੀਕਿਆ
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਐੱਮਐੱਸਪੀ ਸਮੇਤ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ’ਚ 11 ਤੋਂ 17 ਅਪਰੈਲ ਤੱਕ ਕੇਂਦਰ ਸਰਕਾਰ ਖਿਲਾਫ਼ ਮਨਾਏ ਜਾ ਰਹੇ ਰੋਸ ਹਫ਼ਤੇ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਜਥੇਬੰਦੀ ਵੱਲੋਂ 14 ਅਪਰੈਲ ਨੂੰ ਬਰਨਾਲਾ, ਲੁਧਿਆਣਾ, ਜਲੰਧਰ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, 15 ਅਪਰੈਲ ਨੂੰ ਸੰਗਰੂਰ, ਫਾਜ਼ਿਲਕਾ, ਮੁਕਤਸਰ, ਤਰਨ ਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, 16 ਅਪਰੈਲ ਨੂੰ ਬਠਿੰਡਾ, ਪਟਿਆਲਾ, ਮੋਗਾ, ਅੰਮ੍ਰਿਤਸਰ, ਗੁਰਦਾਸਪੁਰ, ਮਾਲੇਰਕੋਟਲਾ ਅਤੇ 17 ਅਪਰੈਲ ਨੂੰ ਮਾਨਸਾ ਦੇ ਡੀਸੀ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਮਾਨਸਾ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਸਕੱਤਰ ਅਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਲਗਾਏ ਗਏ ਮੋਰਚੇ ਦੀ ਸਮਾਪਤੀ ਵੇਲੇ ਕੇਂਦਰ ਸਰਕਾਰ ਨੇ ਸੰਯੁਕਤ ਮੋਰਚੇ ਨਾਲ ਐੱਮਐੱਸਪੀ ’ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ, ਲਖੀਮਪੁਰ ਖੀਰੀ ਘਟਨਾ ਸਬੰਧੀ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਕਿਸਾਨ ਆਗੂਆਂ ਸਿਰ ਪਾਏ ਝੂਠੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਇਨ੍ਹਾਂ ’ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਐੱਮਐੱਸਪੀ ਸਮੇਤ ਰਹਿੰਦੀਆਂ ਮੰਗਾਂ ਮੰਨੀਆਂ ਜਾਣ ਤੱਕ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਇਸ ਰੋਸ ਹਫ਼ਤੇ ਦੇ ਪ੍ਰੋਗਰਾਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਝੱਬਰ,ਮਹਿੰਦਰ ਸਿੰਘ ਰੁਮਾਣਾ, ਜੱਗਾ ਸਿੰਘ ਜਟਾਣਾ,ਉੱਤਮ ਸਿੰਘ ਰਾਮਾਨੰਦੀ, ਜਗਦੇਵ ਸਿੰਘ ਭੈਣੀਬਾਘਾ, ਬਲਵੰਤ ਸਿੰਘ, ਜੋਗਿੰਦਰ ਸਿੰਘ ਦਿਆਲਪੁਰਾ, ਜਸਵਿੰਦਰ ਕੌਰ ਝੇਰਿਆਂਵਾਲੀ, ਰਾਣੀ ਕੌਰ ਭੰਮੇ ਨੇ ਵੀ ਸੰਬੋਧਨ ਕੀਤਾ।