ਖੇਤਰੀ ਪ੍ਰਤੀਨਿਧ
ਪਟਿਆਲਾ, 1 ਨਵੰਬਰ
ਪਾਵਰਕੌਮ ਅਤੇ ਟਰਾਂਸਕੋ ਨਾਲ ਸਬੰਧਤ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਇੱਥੇ ਮਾਲ ਰੋਡ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਰਾਜ ਪੱਧਰੀ ਧਰਨਾ ਦਿੱਤਾ ਗਿਆ। ਇਸ ਦੌਰਾਨ ਔਰਤਾਂ, ਬੱਚਿਆਂ ਅਤੇ ਪੀੜਤਾਂ ਦੇ ਹੋਰ ਪਰਿਵਾਰਕ ਮੈਂਬਰਾਂ ਨੇ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਅੱਜ ਦੇ ਇਸ ਧਰਨੇ ਕਾਰਨ ਮਾਲ ਰੋਡ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਮੌਕੇ ਪਾਵਰਕੌਮ ਅਤੇ ਟਰਾਂਸਕੋ ਕੰਟਰੈਕਟ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਸਮੇਤ ਮ੍ਰਿਤਕ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ। ਜਾਣਕਾਰੀ ਮੁਤਾਬਿਕ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦੀ ਹਮਾਇਤ ’ਚ ਭਰਾਤਰੀ ਜਥੇਬੰਦੀਆਂ ਦੇ ਕੁਝ ਨੁਮਾਇੰਦਿਆਂ ਨੇ ਵੀ ਇਸ ਧਰਨੇ ’ਚ ਸ਼ਿਰਕਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਲਾਈਨਮੈਨਾਂ ਅਤੇ ਸਹਾਇਕ ਲਾਈਨਮੈਨਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਢੌਂਗ ਕਰ ਰਹੀ ਹੈ ਤੇ ਦੂਜੇ ਪਾਸੇ ਡਿਊਟੀਆਂ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਬਿਜਲੀ ਮੁਲਾਜ਼ਮਾਂ ਦੇ ਪਰਿਵਾਰ ਮੁਆਵਜ਼ੇ ਅਤੇ ਹੋਰ ਸਹੂਲਤਾਂ ਲਈ ਸੜਕਾਂ ’ਤੇ ਰੁਲ ਰਹੇ ਹਨ। ਇਸ ਦੌਰਾਨ ਇੱਕ ਆਗੂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ 31 ਅਕਤੂਬਰ 2022 ਤੱਕ ਬਣਦਾ ਮੁਆਵਜ਼ਾ ਅਤੇ ਨੌਕਰੀਆਂ ਆਦਿ ’ਤੇ ਆਧਾਰਤ ਸਾਰੀਆਂ ਮੰਗਾਂ ਦੀ ਪੂਰਤੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਜਦੋਂ ਇਹ ਮਿਥੀ ਤਰੀਕ ਵੀ ਲੰਘ ਗਈ ਤਾਂ ਵੀ ਵਾਅਦਾ ਪੂਰਤੀ ਨਾ ਹੋਣ ਕਾਰਨ ਅਖੀਰ ਉਨ੍ਹਾਂ ਨੂੰ ਅੱਕ ਕੇ ਅੱੱਜ ਇੱਥੇ ਇਹ ਰਾਜ ਪੱਧਰੀ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ।