ਗੁਰਦੀਪ ਸਿੰਘ ਲਾਲੀ/ਮਹਿੰਦਰ ਕੌਰ ਮਨੂੰ
ਸੰਗਰੂਰ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਵੱਲੋਂ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਕਾਨਫਰੰਸ ਅਤੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ। ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਪੰਥ ਹਿਤੈਸ਼ੀਆਂ ਨੂੰ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਉਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਿਉਂਦੇ ਜੀਅ ਬਾਦਲਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ।
ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਦੀ ਪ੍ਰਧਾਨਗੀ ਹੇਠ ਹੋਈ ਪਲੇਠੀ ਕਾਨਫਰੰਸ ਦੌਰਾਨ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਪੰਥ ਤੇ ਪੰਜਾਬ ਨਾਲ ਕੀਤੇ ਧ੍ਰੋਹ ਕਾਰਨ ਦੇਸ਼ ਭਰ ਵਿੱਚ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਥਕ ਏਜੰਡਿਆਂ ਤੋਂ ਪਾਸਾ ਵੱਟ ਕੇ ਸੁਖਬੀਰ ਬਾਦਲ ਨੇ ਕੌਮ ਦੀ ਤਾਕਤ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਉਹ ਜਿਉਂਦੇ ਰਹਿਣਗੇ, ਬਾਦਲਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਦਲਾਂ ਦੀ ਟਰਾਂਸਪੋਰਟ ਜਿਉਂ ਦੀ ਤਿਉਂ ਹੈ, ਕੇਬਲ ਮਾਫੀਆ, ਰੇਤ ਮਾਫੀਆ ਤੇ ਹੋਰ ਭ੍ਰਿਸ਼ਟਾਚਾਰੀ ਜਾਰੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਅਸਲ ਮੁਲਜ਼ਮਾਂ ਨੂੰ ਹਾਲੇ ਤਕ ਛੋਹਿਆ ਵੀ ਨਹੀਂ ਗਿਆ, ਜਿਸ ਦਾ ਨਤੀਜਾ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ।
ਖੇਤੀ ਕਾਨੂੰਨਾਂ ਸਬੰਧੀ ਭਾਜਪਾ ਦੀ ਅਲੋਚਨਾ ਕਰਦਿਆਂ ਢੀਂਡਸਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਬੁਨਿਆਦੀ ਖਾਮੀਆਂ ਕਬੂਲ ਕਰਨ ਦੇ ਬਾਵਜੂਦ ਕੇਂਦਰ ਗਲਤੀ ਮੰਨਣ ਲਈ ਤਿਆਰ ਨਹੀਂ ਹੈ। ਉਹ ਦਿਨ ਦੂਰ ਨਹੀਂ ਜਦੋਂ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਅੱਗੇ ਝੁਕਣਾ ਪਵੇਗਾ। ਇਸ ਦੌਰਾਨ ਗੁਰਬਚਨ ਸਿੰਘ ਬਚੀ, ਅਬਦੁਲ ਗੁਫਾਰ, ਸੁਖਵੰਤ ਸਿੰਘ ਸਰਾਓ, ਅਜੀਤ ਸਿੰਘ ਚੰਦੂਰਾਈਆਂ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਮਹੁੰਮਦ ਤੁਫੈਲ, ਪ੍ਰਿਤਪਾਲ ਸਿੰਘ ਹਾਂਡਾ, ਰਣਧੀਰ ਸਿੰਘ ਸਮੂਰਾਂ ਆਦਿ ਨੇ ਵੀ ਸੰਬੋਧਨ ਕੀਤਾ।
ਕੈਪਟਨ ਅਤੇ ਸੁਖਬੀਰ ’ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼
ਸਾਬਕਾ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ’ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗੁਮਰਾਹਕੁਨ ਭਾਸ਼ਣ ਦੇਣ ਅਤੇ ਆਪਣੇ ਨਿੱਜੀ ਸਵਾਰਥਾਂ ਖਾਤਰ ਕਿਸਾਨੀ ਦੀ ਬਲੀ ਦੇਣ ਵਾਲਿਆਂ ਨੂੰ ਜਾਣ ਚੁੱਕੇ ਹਨ। ਇਸੇ ਕਰਕੇ ਵੱਖ-ਵੱਖ ਥਾਈਂ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ।