ਪੱਤਰ ਪ੍ਰੇਰਕ
ਤਲਵੰਡੀ ਸਾਬੋ, 12 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਮੁਲਾਕਾਤ ਕੀਤੀ ਤੇ ਪੰਥਕ ਮੁੱਦਿਆਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਇਸ ਮੰਗ ਪੱਤਰ ’ਚ ਉਨ੍ਹਾਂ ਬੇਨਤੀ ਕੀਤੀ ਕਿ ਦੋ ਸਾਲ ਪਹਿਲਾਂ ਗੁਆਚੇ 328 ਪਾਵਨ ਸਰੂਪਾਂ ਦੇ ਸਬੰਧ ’ਚ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਦਾ ਆਦੇਸ਼ ਦਿੱਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਪਿਛਲੀ ਅੱਠ ਅਪਰੈਲ ਨੂੰ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਹਫ਼ਤੇ ਦੇ ਅੰਦਰ ਗੁਰਬਾਣੀ ਪ੍ਰਸਾਰ ਲਈ ਵੈੱਬਸਾਈਟ ਸ਼ੁਰੂ ਕਰਨ ਲਈ ਕਿਹਾ ਸੀ ਪਰ ਕਮੇਟੀ ਨੇ ਅਜੇ ਤੱਕ ਇਹ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਕਾਰਜਕਾਰਨੀ ਕਮੇਟੀ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਜਾਵੇ।