ਹਰਦੀਪ ਸਿੰਘ ਸੋਢੀ
ਧੂਰੀ, 23 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 174ਵੇਂ ਦਿਨ ਵੀ ਜਾਰੀ ਰਿਹਾ। ਅੱਜ ਆਗੂਆਂ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। 23 ਫਰਵਰੀ ਨੂੰ ਲੱਡਾ ਟੌਲ ਪਲਾਜ਼ਾ ਉੱਪਰ ਸ਼ਹੀਦ ਹੋਏ ਕਿਸਾਨ ਗਮਦੂਰ ਸਿੰਘ ਦੇ ਪਰਿਵਾਰ ਨੂੰ ਵੱਖ-ਵੱਖ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ 50000 ਹਜ਼ਾਰ ਦਾ ਚੈੱਕ ਦਿੱਤਾ ਗਿਆ। 26 ਮਾਰਚ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਹਰ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਕੁਲਵਿੰਦਰ ਸਿੰਘ ਲੱਡਾ, ਜਸਪਾਲ ਸਿੰਘ ਪੇਧਨੀ, ਗੁਰੀ ਮਾਨ ਹਾਜ਼ਰ ਸਨ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਾਲਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਵਿਖੇ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਧਰਨੇ 173ਵੇਂ ਦਿਨ ਵੀ ਜਾਰੀ ਰਹੇ।
ਯੂਨੀਅਨ ਵੱਲੋਂ ਅੱਜ ਦਾ ਦਿਨ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਕੀਤਾ ਗਿਆ। ਸੁਖਦੇਵ ਸਿੰਘ ਘਰਾਚੋਂ, ਮੋਹਿੰਦਰ ਸਿੰਘ ਲੱਖੇਵਾਲ, ਮੇਵਾ ਸਿੰਘ ਕਾਲਝਾੜ ਅਤੇ ਨਵਜੋਤ ਕੌਰ ਚੰਨੋ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਬਹੁਕੌਮੀ ਕੰਪਨੀਆਂ ਦੇ ਮੁਨਾਫਿਆਂ ਦੀ ਗਰੰਟੀ ਲਈ ਮੌਜੂਦਾ ਖੇਤੀ ਕਾਨੂੰਨ ਲਿਆਂਦੇ ਗਏ ਹਨ।